Wednesday, March 12

ਭਾਰਤ ਭੂਸ਼ਣ ਆਸ਼ੂ ਵੱਲੋਂ ਬੁੱਢੇ ਨਾਲੇ ਕੀਤਾ ਦੌਰਾ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਵਾਰਡ ਨੰਬਰ 80 ਵਿੱਚ ਬੁੱਢੇੇ ਨਾਲੇ ਦਾ ਦੌਰਾ ਕੀਤਾ ਅਤੇ ਨਾਲੇ ਦੀ ਚੱਲ ਰਹੀ ਸਫਾਈ ਮੁਹਿੰਮ ਦੀ ਨਿਗਰਾਨੀ ਵੀ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਅਤੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਨਾਲੇ ਦੀ ਸਫਾਈ ਕੀਤੀ ਜਾਵੇ। ਜਿਕਰਯੋਗ ਹੈ ਕਿ ਸ੍ਰੀ ਆਸ਼ੂ ਵੱਲੋਂ ਪਿਛਲੇ ਸ਼ਨੀਵਾਰ ਵੀ ਬੁੱਢੇ ਨਾਲੇ ਦਾ ਦੌਰਾ ਕੀਤਾ ਗਿਆ ਸੀ ਅਤੇ ਨਗਰ ਨਿਗਮ ਸਟਾਫ ਨੂੰ ਨਿਰਦੇਸ਼ ਵੀ ਜਾਰੀ ਕੀਤੇ ਸਨ। ਉਨ੍ਹਾਂ ਅੱਜ ਦੁਵਾਰਾ ਇਸ ਜਗ੍ਹਾ ਦਾ ਦੌਰਾ ਕੀਤਾ ਅਤੇ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਬੁੱਢੇ ਨਾਲੇ ਦੀ ਸਫਾਈ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ ਰਹੇ। ਸ੍ਰੀ ਆਸ਼ੂ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਨਾਲੇ ਸ਼ਹਿਰ ਦੇ ਕਿਸੇ ਵੀ ਸਥਾਨ ਤੋਂ ਓਵਰ ਫਲੋਅ ਨਾ ਹੋਣ। ਸ੍ਰੀ ਆਸ਼ੂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਇੱਕ ਸਮਰਪਿਤ 24 ਘੰਟੇ 7 ਦਿਨ ਕੰਟਰੋਲ ਰੂਮ ਸਥਾਪਤ ਕੀਤਾ ਹੈ ਜਿਸਦਾ ਨੰਬਰ 0161-4085039 ਹੈ। ਇਸ ਨੰਬਰ ‘ਤੇ ਸ਼ਹਿਰ ਵਾਸੀ ਪਾਣੀ ਦੇ ਇਕੱਠਾ ਹੋਣ/ਮਿਕਸ ਹੋਣ ਆਦਿ ਸਬੰਧੀ ਸਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਸ੍ਰੀ ਰਵਿੰਦਰ ਗਰਗ (99888-20840) ਅਤੇ ਸ੍ਰੀ ਰਵਿੰਦਰ ਸਿੰਘ (97809-00123) ਨਾਲ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com