- ਜਿ਼ਲ੍ਹਾ ਪੁਲਿਸ ਵੱਲੋਂ ਮਿਸ਼ਨ ਫ਼ਤਿਹ ਤਹਿਤ ਗੈਰ ਸਮਾਜਿਕ ਤੱਤਾਂ ਨੂੰ ਵੀ ਕੀਤਾ ਕਾਬੂ
ਫ਼ਤਹਿਗੜ੍ਹ ਸਾਹਿਬ, ( ਸੰਜੇ ਮਿੰਕਾ )-ਜਿ਼ਲ੍ਹਾ ਪੁਲਿਸ ਵੱਲੋਂ ਕੋਰੋਨਾ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਅਧੀਨ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ ਐਕਸਾਈਜ਼ ਐਕਟ ਅਧੀਨ 92 ਐਫ.ਆਰ.ਆਈਜ਼ ਦਰਜ਼ ਕੀਤੀਆਂ ਗਈਆਂ ਹਨ ਤੇ 98 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ 3437 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ 1275 ਕਿਲੋ ਲਾਹਣ ਬਰਾਮਦ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ 5 ਕੇਸਾਂ ਵਿੱਚ ਕਾਰਵਾਈ ਚੱਲ ਰਹੀ ਹੈ ਤੇ 23 ਵਿਅਕਤੀਆਂ ’ਤੇ ਧਾਰਾ 110 (ਗੁੰਡਾ ਐਕਟ) ਅਧੀਨ 23 ਵਿਅਕਤੀਆਂ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਹਫਤੇ ਦੇ ਅੰਤਿਮ ਦੋ ਦਿਨ ਲਗਾਏ ਜਾਣ ਵਾਲੇ ਕਰਫਿਊ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਦੱਸਿਆ ਕਿ ਮਿਸ਼ਨ ਫ਼ਤਿਹ ਅਧੀਨ ਮੂੰਹ ਨੂੰ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਨਾ ਰੱਖਣ ਵਾਲਿਆਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਐਡਵਾਈਜ਼ਰੀਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਮਹਾਂਮਾਰੀ ਨੂੰ ਖਤਮ ਕੀਤਾ ਜਾ ਸਕੇ।