Friday, May 9

ਬਿਨਾਂ ਵਜ੍ਹਾ ਤੇ ਬਿਨਾਂ ਮਾਸਕ ਘਰੋਂ ਬਾਹਰ ਨਿਕਲਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡੀ.ਸੀ.

  • ਕੋਰੋਨਾ ਦੀ ਸਹੀ ਜਾਣਕਾਰੀ ਲੈਣ ਲਈ ਵੱਧ ਤੋਂ ਵੱਧ ਲੋਕ ਕੋਵਾ ਐਪ ਡਾਊਨਲੋਡ ਕਰਨ
  • ਮਿਸਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਹਿਯੋਗ ਅਤਿ ਜਰੂਰੀ
  • ਲੋਕਾਂ ਦਾ ਸਹਿਯੋਗ ਨਾਲ ਹੀ ਹੋ ਸਕਦਾ ਹੈ ਕੋਰੋਨਾ ਮਹਾਂਮਾਰੀ ਦਾ ਖਾਤਮਾ

ਫ਼ਤਹਿਗੜ੍ਹ ਸਾਹਿਬ, ( ਸੰਜੇ ਮਿੰਕਾ )-ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਲੋਕ ਕੋਰੋਨਾ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਣ ਅਤੇ ਇਸ ਮਹਾਂਮਾਰੀ ਤੋਂ ਬਚਾਅ ਲਈ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਣਗੌਲਿਆਂ ਕਰਨ ਕਾਰਨ ਇਹ ਬਿਮਾਰੀ ਵੱਧ ਰਹੀ ਹੈ ਇਸ ਲਈ ਆਮ ਲੋਕਾਂ ਨੂੰ ਅਪੀਲ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਜਰੂਰ ਢੱਕ ਕੇ ਰੱਖਣ ਕਿਉਂਕਿ ਬਿਨਾਂ ਮੂੰਹ ਢੱਕਿਆਂ ਘਰੋਂ ਬਾਹਰ ਨਿਕਲਣਾ ਕੋਰੋਨਾ ਮਹਾਂਮਾਰੀ ਨੂੰ ਸੱਦਾ ਦੇਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਬਿਨਾਂ ਮਾਸਕ ਤੇ ਬਿਨਾਂ ਵਜ੍ਹਾ ਘਰੋਂ ਬਾਹਰ ਨਿਕਲਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀਮਤੀ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਇਸ ਲਈ ਲੋਕਾਂ ਨੂੰ ਮਿਸ਼ਨ ਫ਼ਤਿਹ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਕੋਰੋਨਾ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਬਣਾਈ ਕੋਵਾ ਐਪ ਜਿ਼ਲ੍ਹੇ ਦੇ ਸਾਰੇ ਲੋਕਾਂ ਨੂੰ ਡਾਊਨਲੋਡ ਕਰਨੀ ਚਾਹੀਦੀ ਹੈ ਕਿਉਂਕਿ ਇਸ ਐਪ ਨਾਲ ਤੁਸੀਂ ਘਰ ਬੈਠੇ ਆਨ ਲਾਈਨ ਡਾਕਟਰ ਦੀ ਸਹੂਲਤ ਵੀ ਹਾਸਲ ਕਰ ਸਕਦੇ ਹੋ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ’ਤੇ ਵੇਖਿਆ ਹੈ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਬਿਨਾਂ ਕਿਸੇ ਕੰਮ ਤੋਂ ਹੀ ਘੁੰਮਦੇ ਰਹਿੰਦੇ ਹਨ ਜੋ ਕਿ ਸਹੀ ਨਹੀਂ ਹੈ ਕਿਉਂਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਮਾਜਿਕ ਵਿੱਥ ਬਣਾ ਕੇ ਰੱਖਣਾ ਅਤੇ ਆਪਣੇ ਘਰਾਂ ਵਿੱਚ ਹੀ ਰਹਿਣਾ ਵੀ ਬਹੁਤ ਜਰੂਰੀ ਹੈ ਜਿਸ ਵੱਲ ਅਕਸਰ ਲੋਕ ਅਵੇਸਲੇ ਪਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੇ ਸਿੱਟਿਆਂ ਨੂੰ ਵੇਖਦੇ ਹੋਏ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਕਿਸੇ ਐਮਰਜੰਸੀ ਜਾਂ ਜਰੂਰੀ ਕੰਮ ਦੇ ਘਰੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਜਰੂਰ ਢੱਕਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ-ਪਾਣੀ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਭ ਤੋਂ ਜਰੂਰੀ ਇੱਕ ਦੂਜੇ ਨਾਲ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਅਸੀਂ ਕੋਰੋਨਾ ਮਹਾਂਮਾਰੀ ਨੂੰ ਮਾਤ ਦੇ ਸਕਦੇ ਹਾਂ। ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਉਹ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਇਨ੍ਹਾਂ ਉਪਰਾਲਿਆਂ ਨੂੰ ਲੋਕਾਂ ਦਾ ਵੱਧ ਤੋਂ ਵੱਧ ਸਹਿਯੋਗ ਹਾਸਲ ਹੋਵੇ। ਇਸ ਲਈ ਸਮੂਹ ਜਿ਼ਲ੍ਹਾ ਵਾਸੀ ਇਸ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਐਡਵਾਈਜ਼ਰੀਆਂ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।

About Author

Leave A Reply

WP2Social Auto Publish Powered By : XYZScripts.com