Thursday, April 17

ਪਿਛਲੇ 24 ਘੰਟਿਆਂ ਦੌਰਾਨ 105 ਨਵੇਂ ਮਾਮਲੇ ਆਏ ਸਾਹਮਣੇ

  • ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ

ਲੁਧਿਆਣਾ, (ਸੰਜੇ ਮਿੰਕਾ) -ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 707 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 105 ਨਵੇਂ ਮਾਮਲੇ ਸਾਹਮਣੇ ਆਏ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 55505 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 54056 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 51424 ਨਤੀਜੇ ਨੈਗੇਟਿਵ ਆਏ ਹਨ, ਜਦਕਿ 1449 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 2275 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 357 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 51 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 36 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 19260 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3336 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 312 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1124 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

About Author

Leave A Reply

WP2Social Auto Publish Powered By : XYZScripts.com