Friday, May 9

ਰੱਖ ਬਾਗ ਵਿਖੇ ਇੰਡੋਰ ਸਵਿਮਿੰਗ ਪੂਲ ਲਈ ਟੈਂਡਰ ਜਾਰੀ, ਕਾਰਜ਼ ਜਲਦ ਹੋਵੇਗਾ ਸ਼ੁਰੂ – ਭਾਰਤ ਭੂਸ਼ਣ ਆਸ਼ੂ

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ, ਖ਼ਾਸਕਰ ਨੌਜਵਾਨਾਂ ਦੀ ਭਲਾਈ ਲਈ ਇੰਡੋਰ ਸਵੀਮਿੰਗ ਪੂਲ ਦੇ ਟੈਂਡਰ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਜਾਰੀ ਕੀਤੇ ਗਏ ਹਨ ਅਤੇ ਇਸ ਸੰਬੰਧੀ ਜਲਦ ਹੀ ਕੰਮ ਸੁਰੂ ਹੋਣ ਦੀ ਸੰਭਾਵਨਾ ਹੈ। ਸ੍ਰੀ ਆਸ਼ੂ ਨੇ ਇਹ ਜਾਣਕਾਰੀ ਅੱਜ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਲੁਧਿਆਣਾ ਸਮਾਰਟ ਸਿਟੀ ਲਿਮਟਡ ਅਧੀਨ ਆਯੋਜਿਤ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਨਗਰ ਨਿਗਮ ਵਧੀਕ ਕਮਿਸ਼ਨਰ-ਕਮ-ਸੀਈਓ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਸ੍ਰੀ ਸੰਯਮ ਅਗਰਵਾਲ ਵੀ ਹਾਜ਼ਰ ਸਨ। ਸ੍ਰੀ ਆਸ਼ੂ ਨੇ ਇਸ ਨੂੰ ਦੱਸਿਆ ਕਿ ਇਨਡੋਰ ਸਵੀਮਿੰਗ ਪੂਲ ਲੁਧਿਆਣਾ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਅਤੇ ਇਸ ਨੂੰ ਰੱਖ ਬਾਗ ਸਪੋਰਟਸ ਕੰਪਲੈਕਸ ਵਿਖੇ 5.79 ਕਰੋੜ ਦੀ ਲਾਗਤ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਡੀ.ਪੀ.ਆਰ. ਮਨਜ਼ੂਰ ਹੋ ਗਿਆ ਹੈ ਅਤੇ ਇਸ ਪ੍ਰਾਜੈਕਟ ਲਈ ਟੈਂਡਰ 3 ਜੁਲਾਈ, 2020 ਨੂੰ ਜਾਰੀ ਕੀਤੇ ਗਏ ਸਨ ਅਤੇ ਜਲਦੀ ਹੀ ਕੰਮ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਲੁਧਿਆਣਾ ਦੇ ਤੈਰਾਕੀ ਪ੍ਰੇਮੀ ਸਾਲ ਭਰ ਤੈਰਾਕੀ ਸਹੂਲਤਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਮੌਜੂਦਾ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਨ੍ਹਾਂ ਵਿਚ ਗੁਰੂ ਨਾਨਕ ਸਟੇਡੀਅਮ ਵਿਖੇ ਇਕ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ, ਬਾਸਕਟਬਾਲ ਕੋਰਟ ਅਤੇ ਸ਼ਾਸਤਰੀ ਹਾਲ ਵਿਖੇ ਬੈਡਮਿੰਟਨ ਕੋਰਟ ਦਾ ਵਿਕਾਸ, ਟੇਬਲ ਟੈਨਿਸ ਸਟੇਡੀਅਮ ਤੋਂ ਇਲਾਵਾ ਹੋਰ ਸਭ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਜੈਨਪੁਰ ਪਿੰਡ ਵਿੱਚ 30 ਏਕੜ ਦੇ ਡੰਪ ਸਾਈਟ ‘ਤੇ 52.74 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਪੋਰਟਸ ਪਾਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਪੋਰਟਸ ਪਾਰਕ ਵਿੱਚ ਕ੍ਰਿਕਟ, ਫੁੱਟਬਾਲ, ਹਾਕੀ, ਲਾਅਨ ਟੈਨਿਸ ਆਦਿ ਲਈ ਖੇਡ ਮੈਦਾਨ ਹੋਣਗੇ। ਸ੍ਰੀ ਆਸ਼ੂ ਨੇ ਸਟਾਫ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿ ਉਹ ਹਫ਼ਤਾਵਾਰ ਦੇ ਅਧਾਰ ‘ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ’ ਤੇ ਨਿਗਰਾਨੀ ਕਰਨਗੇ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਵੱਲੋਂ ਕੋਈ ਖਾਮੀ ਪਾਈ ਗਈ ਤਾਂ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਈ ਪ੍ਰੋਜੈਕਟਾਂ ਵਿਚ ਦਿਖਾਈ ਗਈ ਪ੍ਰਗਤੀ ਲਈ ਸ੍ਰੀ ਸੰਯਮ ਅਗਰਵਾਲ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਪ੍ਰਾਜੈਕਟ ਪਹਿਲ ਦੇ ਅਧਾਰ ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

About Author

Leave A Reply

WP2Social Auto Publish Powered By : XYZScripts.com