- ਉਨ੍ਹਾਂ ਨੂੰ ਇਸ ਦੇ ਪੱਕੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਜੋਂ ਲੋਕ ਪ੍ਰੇਸ਼ਾਨ ਨਾ ਹੋਣ
ਲੁਧਿਆਣਾ, (ਸੰਜੇ ਮਿੰਕਾ) – ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਅਤੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਉਨ੍ਹਾਂ ਦੀ ਪਤਨੀ ਅਤੇ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਅੱਜ ਸਥਾਨਕ ਮੁੱਖ ਜੀ.ਟੀ. ਰੋਡ ‘ਤੇ ਸ਼ੇਰਪੁਰ ਚੌਕ ਨੇੜੇ ਸਥਿਤ ਜਗ੍ਹਾ ਦਾ ਦੌਰਾ ਕੀਤਾ। ਉਨ੍ਹਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਹ ਨਿਰਦੇਸ਼ ਦਿੱਤੇ ਕਿ ਸੜਕ ‘ਤੇ ਕਿਸੇ ਵੀ ਹੀਲੇ ਮੀਂਹ ਦਾ ਪਾਣੀ ਇਕੱਠਾ ਨਾ ਹੋਵੇ। ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਇੱਕ ਪੱਤਰ ਵੀ ਲਿਖਿਆ ਹੈ ਤਾਂ ਜੋ ਉਨ੍ਹਾਂ ਸਾਰੀਆਂ ਥਾਵਾਂ ‘ਤੇ ਮੀਂਹ ਦਾ ਪਾਣੀ ਇਕੱਠਾ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ ਜਿਥੇ ਇਸ ਵੇਲੇ ਉਨ੍ਹਾਂ ਦੇ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਸੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤੀ ਪਾਣੀ ਦੀ ਸਿਰਫ ਇਸ ਜਗ੍ਹਾ ਹੀ ਨਹੀਂ ਬਲਕਿ ਹੋਰ ਸਾਰੀਆਂ ਥਾਵਾਂ ਤੇ ਢੁੱਕਵੀਂ ਨਿਕਾਸੀ ਕੀਤੀ ਜਾਵੇ। ਸ੍ਰੀਮਤੀ ਮਮਤਾ ਆਸ਼ੂ ਨੇ ਦੱਸਿਆ ਕਿ ਸਥਾਨਕ ਜੀ.ਟੀ. ਰੋਡ ‘ਤੇ ਸ਼ੇਰਪੁਰ ਚੌਕ ਅਤੇੇ ਸਤਿਗੁਰੂ ਪਰਤਾਪ ਸਿੰਘ ਹਸਪਤਾਲ ਨੇੜੇ ਪਾਣੀ ਇਕੱਠਾ ਹੋਣ ਦੀਆਂ ਕਈ ਸ਼ਿਕਾਇਤਾਂ ਆਈਆਂ ਸਨ, ਜਿਸ ਨਾਲ ਨਾ ਸਿਰਫ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਬਲਕਿ ਸੜਕੀ ਹਾਦਸੇ ਵੀ ਹੋ ਸਕਦੇ ਹਨ। ਉਨ੍ਹਾਂ ਕਿਹਾ ਮੀਂਹ ਦੇ ਪਾਣੀ ਇਕੱਠਾ ਹੋਣ ਨਾਲ ਸੜਕਾਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਸਰਕਾਰੀ ਖ਼ਜ਼ਾਨੇ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਦੇ ਹੱਲ ਲਈ ਸਹੀ ਵਿਧੀ ਸਥਾਪਤ ਕਰਨ ਵਿੱਚ ਅਸਫਲ ਰਹਿਣ ਲਈ ਖਿਚਾਈ ਕੀਤੀ। ਮੇਅਰ ਸ੍ਰੀ ਸੰਧੂ ਨੇ ਕਿਹਾ ਕਿ ਜੇ ਇਸ ਮੁੱਦੇ ਨੂੰ ਹੁਣ ਨਾ ਵੇਖਿਆ ਗਿਆ ਤਾਂ ਇਹ ਭਵਿੱਖ ਵਿੱਚ ਵੱਡੀਆਂ ਮੁਸ਼ਕਲਾਂ ਦਾ ਕਾਰਨ ਬਣ ਸਕਦਾ ਹੈ ਅਤੇ ਵਸਨੀਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਰਹੀ ਹੈ।