- ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਕੀਤਾ ਜਾਂਦਾ ਹੈ ਜਾਗਰੂਕ
ਲੁਧਿਆਣਾ, (ਸੰਜੇ ਮਿੰਕਾ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੱਲੋਂ ਵਾਤਾਵਰਣ ਬਚਾਉਣ ਲਈ ਸਾਲ ਭਰ ਲਗਾਤਾਰ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਕਿਸਾਨਾਂ ਤੱਕ ਪੁਹੰਚ ਕਰਕੇ ਉਹਨਾਂ ਨੂੰ ਲਗਾਤਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਵਿਭਾਗ ਵੱਲੋਂ ਕੀਤੇ ਜਾਂਦੇ ਉਪਰਾਲਿਆਂ ਵਿੱਚ ਜਿਲ੍ਹੇ ਵਿੱਚ ਪਿੰਡ ਪੱਧਰ, ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ‘ਤੇ ਜਾਗਰੂਕਤਾ ਕੈਂਪ/ਕਿਸਾਨ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ, ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮਾਹਿਰਾਂ ਦੇ ਲੈਕਚਰ ਕਰਵਾਏ ਜਾਂਦੇ ਹਨ। ਅਧਿਕਾਰੀਆਂ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਆਹਮੋ-ਸਾਹਮਣੇ ਸਵਾਲ ਜਵਾਬ ਅਤੇ ਵਿਚਾਰ ਵਟਾਂਦਰੇ ਵੀ ਕੀਤੇ ਜਾਂਦੇ ਹਨ। ਹਰ ਸਾਲ ਸਾਉਣੀ ਅਤੇ ਹਾੜੀ ਦੀ ਫਸਲ ਦੀ ਕਟਾਈ ਸਮੇਂ ਜੰਗੀ ਪੱਧਰ ਤੇ ਜਾਗਰੂਕਤਾ ਕੈਂਪ ਲਗਾਉਣ ਲਈ ਮੁਹਿੰਮ ਚਲਾਈ ਜਾਂਦੀ ਹੈ ਅਤੇ ਸਾਰੇ ਪਿੰਡਾਂ ਨੂੰ ਇਸ ਤਹਿਤ ਕਵਰ ਕੀਤਾ ਜਾਂਦਾ ਹੈ।ਹਰ ਸਾਲ ਅਧਿਕਾਰੀਆਂ ਦੀ ਡਿਊਟੀ ਜਿਲ੍ਹਾ ਪ੍ਰਸਾਸ਼ਨ ਵੱਲੋਂ ਬਤੌਰ ਨੋਡਲ ਅਫਸਰ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਈ ਜਾਂਦੀ ਹੈ। ਇਹਨਾਂ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੀ ਘਟਨਾਂ ਦੀ ਸੂਚਨਾ ਮਿਲਣ ਉਪਰੰਤ ਮੌਕਾ ਚੈੱਕ ਕਰਨ ਲਈ ਦੌਰਾ ਕੀਤਾ ਜਾਂਦਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।