Sunday, March 16

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ 3 ਸਕੂਲਾਂ ਦੇ ਐਨ.ਓ.ਸੀਜ਼ ਰੱਦ

  • ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਦਾ ਸੋਸ਼ਣ ਕਰਨ ਸਬੰਧੀ ਸ਼ਿਕਾਇਤਾਂ ਮਿਲਣ ਮਗਰੋਂ ਕੀਤੀ ਸਖ਼ਤ ਕਾਰਵਾਈ

ਲੁਧਿਆਣਾ, (ਸੰਜੇ ਮਿੰਕਾ) – ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ 3 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੇ ਹਨ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਵੱਲੋਂ ਮੀਡੀਆ ਨੂੰ ਚੰਡੀਗੜ੍ਹ ਤੋਂ ਜਾਰੀ ਬਿਆਨ ਰਾਹੀਂ ਦੱਸਿਆ ਦੱਸਿਆ ਕਿ ਇਨ੍ਹਾਂ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ ‘ਤੇ ਵਾਚਿਆ ਗਿਆ ਅਤੇ ਲੁਧਿਆਣਾ ਜ਼ਿਲ੍ਹੇ ਦੇ 3 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੇ ਐਨ.ਓ.ਸੀਜ਼. ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ.ਡੀ. vijayindersingla@gmail.com ਜਾਰੀ ਕੀਤੀ ਹੋਈ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨ੍ਹਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਰੱਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ।

About Author

Leave A Reply

WP2Social Auto Publish Powered By : XYZScripts.com