- ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਸਿਹਤ ਮੰਤਰੀ
- ਸ੍ਰੀ ਤਿਵਾੜੀ ਦੁਆਰਾ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਦਿਤੇ 25 ਲੱਖ ਰੁਪਏ ਨਾਲ ਖ਼ਰੀਦੀ ਗਈ ਹੈ ਐਂਬੂਲੈਂਸ
ਐੱਸ ਏ ਐੱਸ ਨਗਰ, (ਸੰਜੇ ਮਿੰਕਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਇਥੇ ਜ਼ਿਲ੍ਹਾ ਹਸਪਤਾਲ ਤੋਂ ਅਤਿ-ਆਧੁਨਿਕ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ੍ਰੀ ਮਨੀਸ਼ ਤਿਵਾੜੀ ਨੇ ਗੱਲਬਾਤ ਕਰਦਿਆਂ ਦਸਿਆ ਕਿ ਉਨ੍ਹਾਂ ਨੇ ਇਸ ਐਂਬੂਲੈਂਸ ਦੀ ਖ਼ਰੀਦ ਲਈ ਆਪਣੇ ਅਖ਼ਤਿਆਰੀ ਕੋਟੇ ਵਿਚੋਂ 25 ਲੱਖ ਰੁਪਏ ਦਿਤੇ ਹਨ ਤਾਕਿ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸ ਅਤਿ-ਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹੈ ਜੋ ਮਰੀਜ਼ ਦੀ ਜਾਨ ਬਚਾਉਣ ਵਿਚ ਬੇਹੱਦ ਸਹਾਈ ਸਾਬਤ ਹੁੰਦੇ ਹਨ ਅਤੇ ਜਿਨ੍ਹਾਂ ਦੀ ਮਦਦ ਨਾਲ ਮਰੀਜ਼ ਨੂੰ ਸੁਰੱਖਿਅਤ ਢੰਗ ਨਾਲ ਸਿਹਤ ਸੰਸਥਾ ਵਿਚ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਚੱਜੀਆਂ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਸੂਬੇ ਵਿਚਲੀਆਂ ਸਿਹਤ ਸੰਸਥਾਵਾਂ ਵਿਚ ਜਿਥੇ ਲੋਕਾਂ ਨੂੰ ਬਹੁਤੀਆਂ ਡਾਕਟਰੀ ਸੇਵਾਵਾਂ ਬਿਲਕੁਲ ਮੁਫ਼ਤ ਦਿਤੀਆਂ ਜਾ ਰਹੀਆਂ ਹਨ, ਉਥੇ ਨਵੀਆਂ ਸਿਹਤ ਸੰਸਥਾਵਾਂ ਖੋਲ੍ਹਣ ਅਤੇ ਚਾਲੂ ਸੰਸਥਾਵਾਂ ਦਾ ਦਰਜਾ ਵਧਾਉਣ ਦਾ ਅਮਲ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਉਨ੍ਹਾਂ ਦੀ ਸਿਖਰਲੀ ਤਰਜੀਹ ਹੈ। ‘ਕੋਰੋਨਾ ਵਾਇਰਸ’ ਮਹਾਂਮਾਰੀ ਬਾਰੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੁਹਿਰਦ ਅਤੇ ਸਮਰਪਿਤ ਯਤਨਾਂ ਸਦਕਾਂ ਇਸ ਬੀਮਾਰੀ ਪੱਖੋਂ ਸੂਬੇ ਦੀ ਸਥਿਤੀ ਪਹਿਲਾਂ ਨਾਲੋਂ ਕਾਫ਼ੀ ਸੁਧਰ ਗਈ ਹੈ। ਜਿਥੇ ਮੌਤਾਂ ਦੀ ਗਿਣਤੀ ਘਟੀ ਹੈ, ਉਥੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੀ ਲਗਾਤਾਰ ਘੱਟ ਰਹੀ ਹੈ ਪਰ ਫਿਰ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਤੋਂ ਬਚਾਅ ਲਈ ਉੁਹ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਅਤੇ ਇਕ ਦੂਜੇ ਤੋਂ ਦੂਰੀ ਰੱਖਣ ਦੇ ਦਿਸ਼ਾ-ਨਿਰਦੇਸ਼ਾ ਦੀ ਸਖ਼ਤੀ ਨਾਲ ਪਾਲਣਾ ਕਰਨ।
ਇਸ ਮੌਕੇ ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡੇਵਲਪਮੈਂਟ ਬੋਰਡ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ, ਜਸਪ੍ਰੀਤ ਗਿੱਲ ਜਿਲ੍ਹਾ ਪ੍ਰਧਾਨ ਸ਼ਹਿਰੀ ਕਾਂਗਰਸ ਮੋਹਾਲੀ, ਵਿਜੇ ਕੁਮਾਰ ਟਿੰਕੂ ਚੇਅਰਮੈਨ ਪਲਾਨਿੰਗ ਬੋਰਡ ਮੋਹਾਲੀ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ, ਹੈਲਥ ਇੰਸਪੈਕਟਰ ਦਿਲਬਾਗ਼ ਸਿੰਘ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।