- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ: ਬਿੰਦਰਾ
ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮਾਲ ਰੇਲ ਗੱਡੀਆਂ ਦੀ ਆਵਾਜਾਈ ਨੂੰ ਰੋਕਦਿਆਂ ਭਾਜਪਾ ਸਰਕਾਰ ਨੇ ਪੰਜਾਬ ਰਾਜ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਜਿੱਥੇ ਉਦਯੋਗਪਤੀ ਦੂਜੇ ਰਾਜਾਂ ਵਿੱਚ ਨਿਰਮਿਤ ਸਮਾਨ ਨਹੀਂ ਭੇਜ ਰਹੇ ਹਨ, ਉੱਥੇ ਮਾਲ ਰੇਲ ਗੱਡੀਆਂ ਦੇ ਠੱਪ ਹੋਣ ਨਾਲ ਕੱਚੇ ਮਾਲ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੇ ਨਾ ਸਿਰਫ਼ ਉਦਯੋਗ ਨੂੰ ਖ਼ਤਮ ਕੀਤਾ ਹੈ ਬਲਕਿ ਹਰ ਪੱਖੋਂ ਪੰਜਾਬ ਦਾ ਵਿਨਾਸ਼ ਕੀਤਾ ਹੈ। ਬਿੰਦਰਾ ਨੇ ਅੱਗੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਹੀ ਨਹੀਂ ਮੰਨ ਰਹੀ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਲਈ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਸ.ਬਿੰਦਰਾ ਨੇ ਕਿਹਾ ਕਿ ਇਸ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਵੇਗਾ। ਸ. ਬਿੰਦਰਾ ਨੇ ਕਿਹਾ ਕਿ ਕੇਂਦਰ ਨੂੰ ਆਪਣੇ ਅੜੀਅਲ ਰਵੱਈਏ ਨੂੰ ਤਿਆਗ ਦੇਣਾ ਚਾਹਿਦਾ ਹੈ ਅਤੇ ਬਿਨਾਂ ਸ਼ਰਤ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਲਹਿਰ ਲੰਬੇ ਸਮੇਂ ਤੱਕ ਚੱਲਦੀ ਰਹੀ ਤਾਂ ਇਸ ਵਾਰ ਦਿਵਾਲੀ ਸਾਰੇ ਵਰਗਾਂ ਲਈ ਘਾਟੇ ਵਾਲੀ ਹੋਵੇਗੀ।