- ਮਾਰਕੀਟ ਨੂੰ ਪੂਰੀ ਤਰ੍ਹਾਂ ਨਵੀਨੀਕਰਨ ਦੇਣ ਲਈ ਚੱਲ ਰਹੇ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਦਾ ਲਿਆ ਜਾਇਜ਼ਾ
- ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼, ਕਿਹਾ! ਮਾਰਕੀਟ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ ਜਲਦ
ਲੁਧਿਆਣਾ, (ਸੰਜੇ ਮਿੰਕਾ) – ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਅਤੇ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਅੱਜ ਸਰਾਭਾ ਨਗਰ ਮਾਰਕੀਟ ਦਾ ਦੌਰਾ ਕਰਕੇ ਮਾਰਕੀਟ ਨੂੰ ਪੂਰੀ ਤਰ੍ਹਾਂ ਨਵੀਨੀਕਰਨ ਦੇਣ ਲਈ ਚੱਲ ਰਹੇ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਕਪੂਰ ਅਤੇ ਸਰਾਭਾ ਨਗਰ ਮਾਰਕੀਟ ਦੇ ਨੁਮਾਇੰਦੇ ਵੀ ਮੌਜੂਦ ਸਨ। ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਕਿ ਇਸ ਮਾਰਕੀਟ ਦੇ ਨਵੀਨੀਕਰਣ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਬਿਜਲੀ ਦੀਆਂ ਸਾਰੀਆਂ ਤਾਰਾਂ ਜ਼ਮੀਨਦੋਜ਼ ਕਰ ਦਿੱਤੀਆਂ ਜਾਣਗੀਆਂ ਅਤੇ ਇਸ ਦੀ ਬਹੁਤ ਵਧੀਆ ਦਿੱਖ ਮਿਲੇਗੀ। ਉਨਾਂ ਕਿਹਾ ਕਿ ਇਸ ਮਾਰਕੀਟ ਦੇ ਬੁਨਿਆਦੀ ਢਾਂਚੇ ਵਿੱਚ ਮਿਸਾਲੀ ਸੁਧਾਰ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਸਹੂਲਤਾਂ ਮਿਲਣਗੀਆਂ। ਲੋਕ ਹਿੱਤ ਸਹੂਲਤਾਂ ਦਾ ਵੀ ਆਧੁਨਿਕੀਕਰਨ ਕੀਤਾ ਗਿਆ ਹੈ। ਅੱਗ ਬੁਝਾਊ ਸੇਵਾਵਾਂ, ਅੰਡਰਗ੍ਰਾਂਊਂਡ ਵਾਟਰ ਰੀਚਾਰਜ ਅਤੇ ਪਾਰਕਿੰਗ ਸਥਾਨ ਦੀ ਰੈਗੂਲਰਾਈਜੇਸ਼ਨ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮਾਰਕੀਟ ਦੀ ਪਾਰਕਿੰਗ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਕਿਉਂਕਿ ਲੋਕਾਂ ਦਾ ਵੱਡੀ ਗਿਣਤੀ ਵਿੱਚ ਇਸ ਮਾਰਕੀਟ ਵਿੱਚ ਆਉਣਾ ਜਾਣਾ ਹੈ। ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਉਨ੍ਹਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮਾਰਕੀਟ ਨੂੰ ਖੋਲਿਆ ਹੈ, ਹਾਲਾਂਕਿ, ਰਸਮੀ ਉਦਘਾਟਨ ਸਾਰੇ ਕੰਮਾਂ ਦੇ ਮੁਕੰਮਲ ਹੋਣ ਤੋਂ ਬਾਅਦ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮਾਰਕੀਟ ਵਿੱਚ ਬਿਹਤਰੀਨ ਪੌਦੇ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਮਾਰਕੀਟ ਸੂਬੇ ਦੀ ਸਭ ਤੋਂ ਵਧੀਆ ਮਾਰਕੀਟ ਸਾਬਿਤ ਹੋਵੇਗੀ।