Friday, May 9

ਡਿਪਟੀ ਕਮਿਸ਼ਨਰ ਵੱਲੋਂ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

  • 18 ਸਾਲ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਕਰਨਗੀਆਂ ਪ੍ਰੇਰਿਤ, ਲੋਕਤੰਤਰ ਦੀ ਮਜ਼ਬੂਤੀ ‘ਚ ਬਣਨ ਭਾਗੀਦਾਰ
  • 5 ਤੇ 6 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ ਵਿਸ਼ੇਸ਼ ਕੈਂਪ, ਦਾਅਵੇ ਅਤੇ ਇਤਰਾਜ਼ ਪੇਸ਼ੇ ਕਰ ਸਕਦੇ ਹਨ ਲੋਕ

ਲੁਧਿਆਣਾ, (ਸੰਜੇ ਮਿੰਕਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ 6 ਵੈਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਇਹ ਵੈਨਾਂ ਉਨ੍ਹਾਂ ਨੌਜਵਾਨਾਂ ਨੂੰ ਵੋਟ ਬਣਵਾਉਣ ਲਈ ਉਤਸ਼ਾਹਿਤ ਕਰਨਗੀਆਂ ਜਿਹੜੇ ਕਿ 01 ਜਨਵਰੀ, 2021 ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਚੁੱਕੇ ਹਨ ਤਾਂ ਜੋ ਉਹ ਆਪਣੀ ਵੋਟ ਪਾਉਣ ਦਾ ਅਧਿਕਾਰ ਹਾਸਲ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿਚ ਭਾਗੀਦਾਰ ਬਣ ਸਕਣ।
ਜ਼ਿਲ੍ਹਾਂ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਵਿਭਾਗ 15 ਦਸੰਬਰ ਤੱਕ ਫੋਟੋ ਵੋਟਰ ਸੂਚੀਆਂ ਦੇ ਸੰਖੇਪ ਸੋਧ ਲਈ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵੱਲੋਂ 05 ਦਸੰਬਰ ਅਤੇ 06 ਦਸੰਬਰ, 2020 ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਵੀ ਲਗਾਇਆ ਜਾ ਰਿਹਾ ਹੈ, ਜਿੱਥੇ ਲੋਕ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ । 
ਡਿਪਟੀ ਕਮਿਸ਼ਨਰ ਵੱਲੋਂ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਾਉਣ ਲਈ ਫਾਰਮ ਨੰਬਰ-6, ਵੋਟ ਕਟਾਉਣ ਲਈ ਫਾਰਮ ਨੰਬਰ-7 ਅਤੇ ਵੋਟਰ ਸੂਚੀ ਵਿੱਚ ਦਰਜ਼ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਸੋਧ ਕਰਾਉਣ ਲਈ ਫਾਰਮ ਨੰਬਰ-8 ਭਰ ਕੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਅੰਦਰ ਕਿਸੇ ਹੋਰ ਹਲਕੇ ਵਿੱਚ ਵੋਟ ਬਦਲਾਉਣ ਲਈ ਲੋਕ ਫਾਰਮ 8-ਏ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨਾਂ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਗੀਆਂ। ਉਨ੍ਹਾਂ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾਂ ਨਾ ਰਹਿ ਸਕੇ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਤਰਾਜ਼ ਅਤੇ ਵੋਟਰ ਸੂਚੀ ਵਿੱਚ ਸੋਧ ਸਬੰਧੀ ਵੈਬਸਾਈਟ voterportal.eci.gov.in ‘ਤੇ ਜਾਂ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਰਾਹੀਂ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ, ਅਜਿਹਾ ਕਰਨ ਵਿੱਚ ਜੇਕਰ ਉਨ੍ਹਾਂ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਟੋਲ ਫਰੀ ਨੰਬਰ 1950 ‘ਤੇ ਵੀ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

About Author

Leave A Reply

WP2Social Auto Publish Powered By : XYZScripts.com