- ਸਬੰਧਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਪਹਿਲ ਦੇ ਆਧਾਰ ‘ਤੇ ਬਣਾਏ ਜਾਣ ਯੂ.ਡੀ.ਆਈ.ਡੀ. ਤੇ ਆਯੂਸ਼ਮਾਨ ਕਾਰਡ – ਡਿਪਟੀ ਕਮਿਸ਼ਨਰ
- ਮਿਲਾਵਟਖ਼ੋਰੀ ਦੀ ਸ਼ਿਕਾਇਤ ਲਈ ਮੋਬਾਇਲ ਨੰਬਰ 98142-59627 ‘ਤੇ ਦਰਜ਼ ਕਰਵਾਈ ਜਾਵੇ ਸ਼ਿਕਾਇਤ – ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ, (ਸੰਜੇ ਮਿੰਕਾ,ਅਰੁਣ ਜੈਨ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਬੀਤੇ ਮਹੀਨੇ ਦੌਰਾਨ ਕੀਤੇ ਗਏ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ‘ਦਿਵਿਆਂਗ ਵਿਅਕਤੀਆਂ ਲਈ ਵਿਲੱਖਣ ਪਛਾਣ ਪੱਤਰ’ (ਯੂ.ਡੀ.ਆਈ.ਡੀ.ਕਾਰਡ) ਪਹਿਲ ਦੇ ਆਧਾਰ ‘ਤੇ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਇਸ ਪੋਰਟਲ www.swablambancard.gov.in ‘ਤੇ ਰਜਿਸਟ੍ਰੇਸ਼ਨ ਕਰਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰ ਇਸ ਸਕੀਮ ਦਾ ਲਾਹਾ ਲੈ ਸਕਣ। ਸ੍ਰੀ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਕਾਰਡ ਮੁਹੱਈਆ ਕਰਵਾਉਣ ਨਾਲ-ਨਾਲ ਏ.ਐਨ.ਐਮ./ਆਸ਼ਾ ਵਰਕਰਾਂ ਦੇ ਮਾਧਿਅਮ ਰਾਹੀਂ ਇਸ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਸਮਝੌਤਾ ਕਰਾਰਬੱਧ ਹਸਪਤਾਲਾਂ ਦੀ ਸੂਚੀ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ਼ ਕਰਵਾ ਸਕਣ। ਉਨ੍ਹਾਂ ਦਿਵਿਆਂਗ ਵਿਅਕਤੀਆਂ ਅਤੇ ਆਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲ਼ੋ ਸਿਹਤ ਵਿਭਾਗ ਅਤੇ ਨਿੱਜੀ ਹਸਪਤਾਲਾਂ ਦੇ ਸਮੂਹ ਅਮਲੇ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਕੋਰੋਨਾ ਮਹਾਂਮਾਰੀ ਦੌਰਾਨ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕੀਤੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ 7 ਜਨਵਰੀ ਅਤੇ 28 ਜਨਵਰੀ, 2021 ਨੂੰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਯੂਥ ਕਲੱਬਾਂ ਵਿੱਚ ਸਪੋਰਟਸ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਨਹਿਰੂ ਯੁਵਾ ਕੇਂਦਰ ਨੂੰ ਵੀ ਹਦਾਇਤ ਕੀਤੀ ਕਿ ਇਸ ਮੁਹਿੰਮ ਲਈ ਵੱਧ ਤੋਂ ਵੱਧ ਯੂਥ ਕਲੱਬਾਂ ਨੂੰ ਜੋੜਨ। ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵੀ ਵਿਅਕਤੀ ਮਿਲਾਵਟੀ ਵਸਤਾਂ ਜਿਵੇ ਦੁੱਧ, ਦਹੀਂ, ਪਨੀਰ, ਖੋਆ ਆਦਿ ਦੀ ਵਿਕਰੀ ਕਰਦਾ ਹੈ ਤਾਂ ਉਹ ਜ਼ਿਲ੍ਹਾ ਸਿਹਤ ਅਫ਼ਸਰ ਡਾ.ਰਾਜੇਸ਼ ਗਰਗ ਦੇ ਮੋਬਾਇਲ ਨੰਬਰ 98142-59627 ‘ਤੇ ਵਟਸਐਪ ਜਾਂ ਫੋਨ ਕਰਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ। ਸ਼ਿਕਾਇਤਕਰਤਾ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਹੋਰ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜ਼ਾਂ ਵਿਚ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਬਿਤ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਰਿਪੋਰਟ ਰੋਜ਼ਾਨਾ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਭੇਜੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।