Friday, May 9

ਕੋਵਿਡ-19 ਵੈਕਸੀਨ ਨੂੰ ਲਗਾਉਣ ਦੇ ਡ੍ਰਾਈ ਰਨ ਦੀ ਸੁ਼ਰੂਆਤ 28 ਅਤੇ 29 ਦਸੰਬਰ ਨੂੰ – ਡਿਪਟੀ ਕਮਿਸ਼ਨਰ

  • ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਲਗਾਈ ਜਾਵੇਗੀ ਵੈਕਸੀਨ
  • ਜ਼ਿਲ੍ਹਾ ਲੁਧਿਆਣਾ ‘ਚ 7 ਸਥਾਨਾਂ ‘ਤੇ ਹੋਵੇਗਾ ਵੈਕਸੀਨ ਲਗਾਉਣ ਦਾ ਡ੍ਰਾਈ ਰਨ

ਲੁਧਿਆਣਾ,(ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਵਿਡ-19 ਵੈਕਸੀਨ ਨੂੰ ਲਗਾਉਣ ਦੇ ਡ੍ਰਾਈ ਰਨ ਦੀ ਸੁ਼ਰੂਆਤ 28 ਅਤੇ 29 ਦਸੰਬਰ, 2020 ਨੂੰ ਜ਼ਿਲ੍ਹਾ ਲੁਧਿਆਣਾ ਦੇ ਸੱਤ ਸਥਾਨਾਂ ‘ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਵੈਕਸੀਨੇਸ਼ਨ ਦੇ ਪਹਿਲੇ ਪੜਾਅ ਲਈ ਪੰਜਾਬ ਸਰਕਾਰ ਵੱਲੋਂ ਚੁਣੇ ਦੋ ਜ਼ਿਲ੍ਹਿਆਂ ਵਿਚੋਂ ਇੱਕ ਲੁਧਿਆਣਾ (ਜਦਕਿ ਦੁਸਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ)ਹੈ) ਨੂੰ ਚੁਣਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਇਸ ਡ੍ਰਾਈ ਰਨ ਸਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਬੱਚਤ ਭਵਨ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਜੁਆਇੰਟ ਕਮਿਸ਼ਨਰ ਸ੍ਰੀ ਜੇ. ਐਲਚੇਜੀਅਨ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ  ਜਗਰਾਉਂ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਮਰਜੀਤ ਬੈਂਸ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਸਾਰੇ ਐਸ.ਡੀ.ਐਮ. ਸਹਿਬਾਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਹ ਮੁਹਿੰਮ 7 ਥਾਵਾਂ (ਹਰੇਕ ਸਬ ਡਵੀਜ਼ਨ ਵਿੱਚ ਇੱਕ), ਸਿਵਲ ਹਸਪਤਾਲ ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਰਾਏਕੋਟ, ਜਗਰਾਉਂ, ਮਾਛੀਵਾੜਾ, ਖੰਨਾ ਅਤੇ ਪਾਇਲ ਵਿਖੇ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਗਤੀਵਿਧੀ ਦਾ ਉਦੇਸ਼ ਸਿਹਤ ਪ੍ਰਣਾਲੀ ਵਿਚ ਕੋਵਿਡ-19 ਵੈਕਸੀਨੇਸ਼ਨ ਲਈ ਕੀਤੀ ਗਈ ਤਿਆਰੀ ਦੀ ਜਾਂਚ ਕਰਨਾ ਹੈ। ਉਨ੍ਹਾਂ ਕਿਹਾ ਕਿ ਡ੍ਰਾਈ ਰਨ ਕੋਵੀਡ-19 ਵੈਕਸੀਨੇਸ਼ਨ ਪ੍ਰਕਿਰਿਆ ਤਹਿਤ ਪਹਿਲਾਂ-ਪਛਾਣ ਕੀਤੇ ਲਾਭਪਾਤਰੀਆਂ ਦਾ ਟੀਕਾਕਰਣ ਕਰੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀ (ਸਰਕਾਰੀ ਅਤੇ ਨਿੱਜੀ ਦੋਵੇਂ), ਜਿਨ੍ਹਾਂ ਨੇ ਸਰਕਾਰੀ ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ, ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ। ਇਸ ਤੋਂ ਬਾਅਦ ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ, ਬਿਮਾਰੀ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਦੇ ਲੋਕ ਅਤੇ ਹੋਰ ਲੋਕ ਸ਼ਾਮਲ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵੈਕਸੀਨ ਫਿਲਹਾਲ ਸ਼ੈਲਫ ਤੋਂ ਬਾਹਰ ਨਹੀਂ ਮਿਲੇਗਾ, ਇਸ ਅਧੀਨ ਸਿਰਫ ਉਹ ਵਿਅਕਤੀ ਹੀ ਆਉਣਗੇ, ਜਿਨ੍ਹਾਂ ਨੇ ਆਪਣੇ ਆਪ ਨੂੰ ਸਰਕਾਰੀ ਪੋਰਟਲ ‘ਤੇ ਰਜਿਸਟਰਡ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਹੋਣ ‘ਤੇ ਲਾਭਪਾਤਰੀਆਂ ਨੂੰ ਇਕ ਮਿਤੀ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ ਜਿਥੇ ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਡਰਾਈ ਰਨ ਨੂੰ ਚਾਰ ਰਾਜਾਂ ਜਿਸ ਵਿੱਚ ਪੰਜਾਬ, ਆਂਧਰਾ ਪ੍ਰਦੇਸ਼, ਅਸਾਮ ਅਤੇ ਗੁਜਰਾਤ ਵਿੱਚ ਚਲਾਉਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਭਾਈਵਾਲ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਇਸ ਡ੍ਰਾਈ ਰਨ ਗਤੀਵਿਧੀ ਦਾ ਸਹਿਯੋਗ ਕਰਨਗੇ।

About Author

Leave A Reply

WP2Social Auto Publish Powered By : XYZScripts.com