
- ਪਹਿਲੇ ਪੜਾਅ ‘ਚ ਜ਼ਿਲ੍ਹਾ ਲੁਧਿਆਣਾ ਦੇ 30 ਹਜ਼ਾਰ ਸਿਹਤ ਕਰਮੀਆਂ ਨੂੰ ਦਿੱਤੀ ਜਾਵੇਗੀ ਵੈਕਸੀਨ – ਡਿਪਟੀ ਕਮਿਸ਼ਨਰ
- ਵਸਨੀਕਾਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਡਾਕਟਰਾਂ ਦਾ ਇੱਕ ਪੈਨਲ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਕੱਲ ਹੋਵੇਗਾ ਲਾਈਵ
- ਵੈਕਸੀਨ ਸਬੰਧੀ ਰੀਵਿਊ ਮੀਟਿੰਗ ਆਯੋਜਿਤ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਿਹਤ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ 16 ਤੋਂ 18 ਜਨਵਰੀ, 2021 ਤੱਕ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਈ ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿਥੇ ਮਾਹਰ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਵੱਲੋ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।
ਇਸ ਸਬੰਧ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪਹਿਲਾਂ ਹੀ ਕੋਵਿਡ-19 ਵੈਕਸੀਨ ਸਬੰਧੀ ਡ੍ਰਾਈ ਰਨ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ.ਐਲਨਚੇਜ਼ੀਅਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਗਿੱਲ ਤੋਂ ਇਲਾਵਾ ਸਾਰੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਡਾਕਟਰ ਵੀ ਸਨ। ਉਨ੍ਹਾਂ ਅੱਜ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਫੇਸਬੁੱਕ ਲਾਈਵ ਸੈਸ਼ਨ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀ (ਸਰਕਾਰੀ ਅਤੇ ਨਿੱਜੀ ਦੋਵੇਂ), ਜਿਨ੍ਹਾਂ ਨੇ ਸਰਕਾਰੀ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ। ਇਸ ਤੋਂ ਬਾਅਦ ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਦੀ ਉਮਰ ਵਾਲੇ, ਬਿਮਾਰੀ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਅਤੇ ਹੋਰ ਲੋਕ ਸ਼ਾਮਲ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਟੀਕਾ ਫਿਲਹਾਲ ਦੁਕਾਨਾਂ ਤੋਂ ਨਹੀਂ ਮਿਲੇਗਾ ਅਤੇ ਸਿਰਫ ਉਹ ਲੋਕ ਇਸ ਅਧੀਨ ਆਉਣਗੇ, ਜਿਨ੍ਹਾਂ ਨੇ ਆਪਣੇ ਆਪ ਨੂੰ ਸਰਕਾਰੀ ਪੋਰਟਲ ‘ਤੇ ਰਜਿਸਟਰਡ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਹੋਣ ‘ਤੇ ਲਾਭਪਾਤਰੀਆਂ ਨੂੰ ਮਿਤੀ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ, ਜਿਥੇ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵੈਕਸੀਨ ਸੰਬੰਧੀ ਵਸਨੀਕਾਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਡਾਕਟਰਾਂ ਦਾ ਇੱਕ ਪੈਨਲ ਜਿਸ ਵਿੱਚ ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਗਿੱਲ, ਡਾ. ਬਿਸ਼ਵ ਮੋਹਨ ਅਤੇ ਡਾ. ਅਨੁਰਾਗ ਚੌਧਰੀ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਤੋਂ ਕੱਲ 14 ਜਨਵਰੀ, 2021 ਨੂੰ ਸ਼ਾਮ 3 ਵਜੇ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ (http://www.facebook.com/dproludhianapage/)
‘ਤੇ ਲਾਈਵ ਹੋਣਗੇ। ਉਨ੍ਹਾਂ ਕਿਹਾ ਕਿ ਵਸਨੀਕ ਇਸ ਪੇਜ਼ ‘ਤੇ ਆਪਣੇ ਆਨਲਾਈਨ ਸਵਾਲ ਵੀ ਭੇਜ ਸਕਦੇ ਹਨ ਤੇ ਆਨਲਾਈਨ ਜੁਆਇੰਨ ਵੀ ਕਰ ਸਕਦੇ ਹਨ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਨਿਵਾਸੀਆਂ ਨੂੰ ਸੋਸ਼ਲ ਮੀਡੀਆ’ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਕੋਵਿਡ-19 ਵੈਕਸੀਨ ਸਬੰਧੀ ਅਫਵਾਹਾਂ ਫੈਲਾਉਂਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।