Friday, May 9

ਪਹਿਲੇ ਪੜਾਅ ‘ਚ ਡਾਕਟਰਾਂ ਤੇ ਸਿਹਤ ਕਰਮੀਆਂ ਦੀ ਸਫਲਤਾ ਪੂਰਵਕ ਕੀਤੀ ਜਾ ਰਹੀ ਹੈ ਵੈਕਸੀਨ – ਡਿਪਟੀ ਕਮਿਸ਼ਨਰ

  • ਲਾਈਵ ਸੈਸ਼ਨ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੀਤੀ ਅਪੀਲ
  • ਕਿਹਾ! ਕੋਰੋਨਾ ਵੈਕਸੀਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਨਾ ਕਰਨ ਯਕੀਨ
  • ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਦੀ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਵਧਾਈ
  • ਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਹੋਏ ਰੂ-ਬਰੂ

ਲੁਧਿਆਣਾ,(ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ ‘ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਲਾਈਵ ਸੈਸ਼ਨ ਦੋਰਾਨ ਵਸਨੀਕਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵੈਕਸੀਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ। ਉਨ੍ਹਾਂ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਪਹਿਲੇ ਪੜਾਅ ਤਹਿਤ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸਫਲਤਾ ਪੂਰਵਕ ਵੈਕਸੀਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਦੌਰਾਨ ਲੁਧਿਆਣਾ ਜ਼ਿਲ੍ਹੇ ਵਿੱਚ ਕਿਸੇ ਵੀ ਵਿਅਕਤੀ ‘ਤੇ ਇਸ ਵੈਕਸੀਨ ਦਾ ਪ੍ਰਤੀਕੂਲ ਪ੍ਰਭਾਵ ਨਹੀਂ ਪਿਆ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਕਿਸੇ ਵਿਅਕਤੀ ਦੀ ਕੋਰੋਨਾ ਵੈਕਸੀਨ ਨਾਲ ਮੌਤ ਹੋਣ ਬਾਰੇ ਝੂਠੀ ਅਫਵਾਹ ਫੈਲਾਈ ਗਈ ਸੀ, ਜਿਸ ਬਾਰੇ ਅਗਲੇ ਦਿਨ ਹੀ ਸਪਸ਼ਟੀਕਰਣ ਆ ਗਿਆ ਸੀ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਉਸ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਸੀ ਜਿਸਦਾ ਕੋਰੋਨਾ ਵੈਕਸੀਨ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਹ ਵੈਕਸੀਨ ਸਵੈ-ਇਛਾ ਨਾਲ ਲਗਾਈ ਜਾਵੇਗੀ, ਸੂਬਾ ਸਰਕਾਰ ਵੱਲੋਂ ਵੈਕਸੀਨ ਲਗਾਉਣ ਲਈ ਕਿਸੇ ਵੀ ਵਿਅਕਤੀ ਨੂੰ ਮਜ਼ਬੂਰ ਨਹੀਂ ਕੀਤਾ ਜਾਵੇਗਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੋਰੋਨਾ ਵੈਕਸੀਨ ਦੀ ਸੁਰੂਆਤ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਤੋਂ ਇਲਾਵਾ ਸਿਹਤ ਕਰਮਚਾਰੀ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਰੈਵਨਿਊ, ਸੈਨੀਟੇਸ਼ਨ ਤੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਦੀ ਵੈਕਸੀਨੇਸ਼ਨ ਕੀਤੀ ਜਾਣੀ ਹੈ। ਲਾਈਵ ਸੈਸ਼ਨ ਦੌਰਾਨ ਕੀਤੇ ਗਏ ਸਵਾਲ ਦੇ ਜੁਆਬ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਕਸੀਨੇਸ਼ਨ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਤਹਿਤ ਹੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਲਈ ਰਜਿਸਅਟ੍ਰੇਸ਼ਨ ਖੁੱਲੀ ਸੀ, ਹੁਣ ਰੈਵਨਿਊ, ਸੈਨੀਟੇਸ਼ਨ ਤੇ ਪੁਲਿਸ ਪ੍ਰਸ਼ਾਸ਼ਨ ਲਈ ਰਜਿਸ਼ਟ੍ਰੇਸ਼ਨ ਦੀ ਸੁਰੂਆਤ ਚੱਲ ਰਹੀ ਹੈ ਅਤੇ ਇਸ ਤੋਂ ਬਾਅਦ 50 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਵਿਅਕਤੀ ਜਿਹੜੇ ਕਿਸੇ ਬਿਮਾਰੀ ਤੋਂ ਪੀੜਤ ਹਨ, ਲਈ ਰਜਿਸ਼ਟ੍ਰੇਸ਼ਨ ਖੁੱਲੇਗੀ। ਲਾਈਵ ਸੈਸ਼ਨ ਦੇ ਅੰਤ ਵਿੱਚ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਦੀ ਮੁਬਾਰਕਵਾਦ ਦਿੰਦਿਆਂ ਇੱਕ ਵਾਰ ਫੇਰ ਅਪੀਲ ਕੀਤੀ ਕਿ ਅਵੇਸਲੇ ਹੋਣ ਦੀ ਬਜਾਏ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਾਉਣਾ, ਆਪਸੀ ਵਿੱਥ ਅਤੇ ਹੱਥਾਂ ਦੀ ਸਫਾਈ ਜ਼ਰੂਰ ਰੱਖੀ ਜਾਵੇ।

About Author

Leave A Reply

WP2Social Auto Publish Powered By : XYZScripts.com