
- 26 ਜਨਵਰੀ ਨੂੰ ਸੁਖਬਿੰਦਰ ਸਿੰਘ ਸਰਕਾਰੀਆ ਹੋਣਗੇ ਮੁੱਖ ਮਹਿਮਾਨ
- ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ
ਲੁਧਿਆਣਾ, (ਸੰਜੇ ਮਿੰਕਾ) – 26 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੁਕੰਮਲ (ਫੁੱਲ ਡਰੈੱਸ) ਰਿਹਰਸਲ ਅੱਜ ਹੋਈ। ਰਿਹਰਸਲ ਸਮੇਂ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਦਾ ਕੀਤੀ। ਅੱਜ ਪੰਜਾਬ ਪੁਲਿਸ ਤੇ ਵੱਖ-ਵੱਖ ਸਕੂਲਾਂ ਤੋਂ ਐਨ.ਸੀ.ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਭਾਗ ਲਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਮੁੱਚੀ ਮਾਰਚ ਪਾਸਟ ਦੀ ਅਗਵਾਈ ਏ.ਸੀ.ਪੀ.ਰਣਧੀਰ ਸਿੰਘ ਨੇ ਕੀਤੀ।
ਇਸ ਮੌਕੇ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਪੰਜਾਬ ਦੇ ਜਲ ਸਰੋਤ, ਮਾਈਨਿੰਗ ਅਤੇ ਭੂ-ਵਿਗਿਆਨ, ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸ.ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਵਜੋਂ ਪਹੁੰਚਣਗੇੇ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਸਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਆਯੋਜਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਗਣਤੰਤਰ ਦਿਵਸ ਨੂੰ ਰਾਸ਼ਟਰੀ ਤਿਉਹਾਰ ਵਜੋਂ ਮਨਾਉਣ।
ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਾਏ ਹੋਣੇ ਚਾਹੀਦੇ ਹਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਸਂ, ਸੰਯੁਕਤ ਪੁਲਿਸ ਕਮਿਸ਼ਨਰ ਸ੍ਰੀ ਭਗੀਰਥ ਸਿੰਘ ਮੀਨਾ ਅਤੇ ਜੇ.ਐਲਨਚੇਜ਼ੀਅਨ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।