- ਨੌਜਵਾਨਾਂ ਲਈ ਹਨ ਪ੍ਰੇਰਣਾ ਸਰੋਤ – ਨੀਰੂ ਕਤਿਆਲ ਗੁਪਤਾ
ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ ਜਗਰਾਂਓ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਵੱਲੋਂ ਅੱਜ ਮਹਾਨ ਆਜ਼ਾਦੀ ਘੁਲਾਟੀਏ ਪਜੰਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਘਰ ਜਗਰਾਂਓ ਵਿਖੇ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਜਗਰਾਉਂ ਸ.ਨਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਨੀਰ ਕਤਿਆਲ ਗੁਪਤਾ ਨੇ ਦੱਸਿਆ ਕਿ ਲਾਲਾ ਲਾਜਪਤ ਰਾਏ ਜੀ ਦਾ ਜਨਮ ਢੁੱਡੀਕੇ ਨਾਨਕੇ ਪਿੰਡ ਹੋਇਆ ਅਤੇ ਇਹ ਜਗਰਾਉਂ ਦੇ ਰਹਿਣ ਵਾਲੇ ਸਨ ਜਿਸ ਲਈ ਸਾਨੂੰ ਲੁਧਿਆਣਾ ਵਾਸੀਆਂ ਤੇ ਪੰਜਾਬੀਆਂ ਨੂੰ ਵਿਸ਼ੇਸ਼ ਮਾਣ ਹੈ। ਉਨ੍ਹਾਂ ਦੱਸਿਆ ਕਿ ਲਾਲਾ ਜੀ ਇੱਕ ਮਹਾਨ ਆਜ਼ਾਦੀ ਘੁਲਾਟੀਏ ਸਨ ਅਤੇ ਉਨ੍ਹਾਂ ਨੇ ਭਾਰਤ ਦੀ ਆਜ਼ਾਦ ਵਿੱਚ ਇੱਕ ਅਹਿਮ ਯੋਗਦਾਨ ਪਾਇਆ ਸੀ। ਉਨ੍ਹਾਂ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਦੀ ਸਥਾਪਨਾ ਵਿੱਚ ਵੀ ਇੱਕ ਅਹਿਮ ਯੋਗਦਾਨ ਪਾਇਆ। ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਡੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਅਜਿਹੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਤੋਂ ਹਮੇਸ਼ਾਂ ਪ੍ਰੇਰਣਾ ਲੈਂਦੇ ਰਹਿਣਾ ਚਾਹੀਦਾ ਹੈ।