- ਸਾਰੀਆਂ ਐਨ.ਜੀ.ਓ. ਵੱਲੋਂ ਵਸਨੀਕਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਕੀਤਾ ਜਾਵੇਗਾ ਜਾਗਰੂਕ – ਮਮਤਾ ਆਸ਼ੂ
- ਪ੍ਰਮੁੱਖ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਆਯੋਜਿਤ
ਲੁਧਿਆਣਾ (ਸੰਜੇ ਮਿੰਕਾ)- ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਦੀਆਂ ਪ੍ਰਮੁੱਖ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 27 ਫਰਵਰੀ, 2021 ਨੂੰ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼ ਲੁਧਿਆਣਾ ਵਿਖੇ ਐਨ.ਜੀ.ਓਜ਼ ਵੱਲੋਂ ਲਗਾਏ ਜਾ ਰਹੇ ਮੇਲੇ ਸਬੰਧੀ ਵਿਚਾਰ ਵਿਟਾਂਦਰਾ ਕੀਤਾ। ਇਸ ਮੇਲੇ ਦੌਰਾਨ ਐਨ.ਜੀ.ਓਜ਼ ਵੱਲੋਂ ਵਸਨੀਕਾਂ ਨੂੰ ਉਨ੍ਹਾਂ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਟ੍ਰੈਫਿਕ ਮਾਹਰ ਸ੍ਰੀ ਰਾਹੁਲ ਵਰਮਾ, ਸ੍ਰੀਮਤੀ ਪੂਨਮ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਇਹ ਪਹਿਲਕਦਮੀ ਕਰਦਿਆਂ ਨਾ ਸਿਰਫ ਇਸ ਮੀਟਿੰਗ ਦਾ ਆਯੋਜਨ ਕਰਵਾਇਆ ਬਲਕਿ 27 ਫਰਵਰੀ ਨੂੰ ਲੱਗਣ ਵਾਲੇ ਐਨ.ਜੀਓਜ ਦੇ ਮੇਲੇ ਦੀ ਨਿੱਜੀ ਦਿਲਚਸਪੀ ਨਾਲ ਰੂਪ ਰੇਖਾ ਤੈਅ ਕਰਨ ਵਿੱਚ ਵੀ ਭਰਪੂਰ ਸਹਿਯੋਗ ਦਿਤਾ।
ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਬੂਥ ਲਗਾਏ ਜਾਣਗੇ ਜੋ ਸੂਬਾ ਸਰਕਾਰ ਵੱਲੋਂ ਜਾਰੀ ਵੱਖ-ਵੱਖ ਸਕੀਮਾਂ ਜਿਵੇਂ ਬੇਟੀ ਬਚਾਓ – ਬੇਟੀ ਪੜ੍ਹਾਓ, ਸਕਿਲ ਡਿਵੈਲਪਮੈਂਟ, ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਆਦਿ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।
ਡਿਪਟੀ ਕਮਿਸ਼ਨਰ ਵੱਲੋਂ ਸਾਰੀਆਂ ਐਨ.ਜੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਅਤੇ ਉਨ੍ਹਾਂ ਵੱਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਂਵਾਂ ਸਬੰਧੀ ਵਸਨੀਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ।
ਉਨ੍ਹਾਂ ਲੁਧਿਆਣਾ ਦੀਆਂ ਸਾਰੀਆਂ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਜੋ ਐਨ.ਜੀ.ਓ. ਇਸ ਮੇਲੇ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਲੁਧਿਆਣਾ ਦੇ ਦਫ਼ਤਰ ਨਾਲ ਸੰਪਰਕ ਕਰਕੇ ਆਪਣੇ-ਆਪ ਨੂੰ ਜਲਦ ਤੋਂ ਜਲਦ ਰਜਿਸਟਰ ਕਰਵਾਉਣ ਤਾਂ ਜੋ ਉਹ ਇਸ ਮੇਲੇ ਵਿੱਚ ਹਿੱਸਾ ਲੈ ਸਕਣ।
ਮੀਟਿੰਗ ਦੌਰਾਨ ਹਾਜ਼ਰ ਸ਼ਹਿਰ ਦੀਆਂ ਪ੍ਰਮੁੱਖ ਐਨ.ਜੀ.ਓਜ਼ ਵੱਲੋਂ ਵੀ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮੇਲੇ ਨੂੰ ਕਾਮਯਾਬ ਕਰਨ ਵਿੱਚ ਪੂਰਨ ਸਹਿਯੋਗ ਕਰਨਗੇ।