Sunday, April 28

ਭਾਰਤ ਭੂਸ਼ਣ ਆਸ਼ੂ ਵੱਲੋਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ‘ਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਸ਼ੁਰੂਆਤ

  • ਮੁੱਖ ਮੰਤਰੀ ਵੱਲੋਂ ਇਨ੍ਹਾਂ ਸੇਵਾਂਵਾਂ ਦੀ ਵਰਚੁਅਲ ਤੌਰ ‘ਤੇ ਚੰਡੀਗੜ੍ਹ ਤੋਂ ਕੀਤੀ ਸ਼ੁਰੂਆਤ
  • ਜ਼ਿਲ੍ਹਾ ਪੱਧਰੀ ਸਮਾਗਮ ਬੱਚਤ ਭਵਨ ਵਿਖੇ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ, ਵਿਸ਼ਾਲ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੇਵਾ ਕੇਂਦਰਾਂ ਵਿੱਚ ਸ਼ਾਮਲ ਕੀਤੀਆਂ ਗਈਆਂ 56 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਸਮਾਰੋਹ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ 
ਇਸ ਸਮਾਰੋਹ ਵਿਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐੱਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੀ.ਐੱਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਨ੍ਹਾਂ ਕੇਂਦਰਾਂ ਵਿੱਚ ਹੋਰ ਵੱਧ ਪਾਰਦਰਸ਼ਤਾ ਅਤੇ ਕਾਰਜ-ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਅਗਲੇ ਤਿੰਨ ਮਹੀਨਿਆਂ ਵਿੱਚ ਸੇਵਾ ਕੇਂਦਰਾਂ ਵਿਖੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਕੁੱਲ ਗਿਣਤੀ 500 ਤੱਕ ਪਹੁੰਚ ਜਾਵੇਗੀ। ਅੱਜ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 383 ਹੋ ਗਈ ਹੈ ਅਤੇ ਰੋਜ਼ਾਨਾ 60,000 ਲੋਕ ਇਹ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ਵਿਚੱ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦੇ ਨਾਲ ਹੀ ਆਮ ਲੋਕਾਂ ਤੱਕ ਆਨਲਾਈਨ ਸੇਵਾਵਾਂ ਸੁਚਾਰੂ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਾਰੇ ਕੇਂਦਰਾਂ ਜਿਵੇਂ ਸੁਵਿਧਾ ਕੇਂਦਰਾਂ, ਸਾਂਝ ਕੇਂਦਰਾਂ, ਫਰਦ ਕੇਂਦਰਾਂ ਦਾ ਵਿਸਥਾਰ ਕਰਦੇ ਹੋਏ ਇਨ੍ਹਾਂ ਦਾ ਪੂਰਨ ਤੌਰ ‘ਤੇ ਕੰਪਿਊਟ੍ਰਾਈਜ਼ੇਸ਼ਨ ਅਤੇ ਡਿਜੀਟਲਾਈਜ਼ੇਸ਼ਨ ਕਰਨ ਦਾ ਫੈਸਲਾ ਲਿਆ ਗਿਆ।
ਅੱਜ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ 37 ਸੇਵਾਵਾਂ ਪੁਲੀਸ ਵੱਲੋਂ ਪਹਿਲਾਂ ਹੀ ਸਾਂਝ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਦਕਿ 18 ਸੇਵਾਵਾਂ ਟਰਾਂਸਪੋਰਟ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਰਾਹੀਂ ਅਤੇ ਮਾਲ ਵਿਭਾਗ ਵੱਲੋਂ ਇਕ ਸੇਵਾ (ਫ਼ਰਦ ਦੀ ਨਕਲ) ਫ਼ਰਦ ਕੇਂਦਰਾਂ ਰਾਹੀਂ ਮੁਹੱਈਆ ਕੀਤੀ ਜਾ ਰਹੀ ਹੈ।
ਸੇਵਾ ਕੇਂਦਰਾਂ ਵਿੱਚ ਸ਼ਾਮਲ ਕੀਤੀਆਂ ਕੁਝ ਸੇਵਾਵਾਂ ਵਿੱਚ ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ, ਡਰਾਇਵਰ ਲਾਇਸੰਸ ਬਣਵਾਉਣ ਲਈ ਸਮਾਂ ਲੈਣ, ਵਾਹਨਾਂ ਦੇ ਅੰਤਰ-ਰਾਜੀ ਤਬਾਦਲੇ ਲਈ ਐਨ.ਓ.ਸੀ, ਪਤਾ ਬਦਲਵਾਉਣ ਸਮੇਤ ਹੋਰ ਸੇਵਾਵਾਂ ਸ਼ਾਮਲ ਹਨ।
ਪੁਲੀਸ ਨਾਲ ਸਬੰਧਤ 21 ਸੇਵਾਵਾਂ ਵਿੱਚ ਪਾਸਪੋਰਟ ਲਈ ਪੜਤਾਲ, ਹਥਿਆਰ ਦੇ ਲਾਇਸੰਸ ਲਈ ਪੜਤਾਲ, ਵਿਦੇਸ਼ੀਆਂ ਦੀ ਰਜਿਸਟ੍ਰੇਸ਼ਨ, ਐਨ.ਓ.ਸੀ. ਜਾਰੀ ਕਰਨ, ਲਾਪਤਾ ਰਿਪੋਰਟਾਂ ਆਦਿ ਦੀ ਕਾਪੀ ਆਦਿ ਸ਼ਾਮਲ ਹਨ, ਜੋ ਪਹਿਲਾਂ ਸਾਂਝ ਕੇਂਦਰਾਂ ਵਿੱਚੋਂ ਮਿਲਦੀਆਂ ਸਨ ਅਤੇ ਹੁਣ ਸੂਬਾ ਭਰ ਵਿੱਚ ਸੇਵਾ ਕੇਂਦਰਾਂ ਤੋਂ ਮੁਹੱਈਆ ਹੋਣਗੀਆਂ।
ਇਸ ਮੌਕੇ ਸੇਵਾ ਕੇਂਦਰਾਂ ਦੇ ਪੰਜ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲੈਣ ਦੇ ਦਸਤਾਵੇਜ਼ ਵੀ ਸੌਂਪੇ ਗਏ।

About Author

Leave A Reply

WP2Social Auto Publish Powered By : XYZScripts.com