
- ਸਤਿਗੁਰੂ ਰਾਮ ਸਿੰਘ ਜੀ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਉਣ ਦੀ ਲੋੜ – ਭਾਰਤ ਭੂਸ਼ਣ ਆਸ਼ੂ
ਸ੍ਰੀ ਭੈਣੀ ਸਾਹਿਬ, (ਸੰਜੇ ਮਿੰਕਾ,ਅਰੁਣ ਜੈਨ) – ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਨਾਮਧਾਰੀ ਸੰਪਰਦਾ ਦੇ ਬਾਨੀ ਸਤਿਗੁਰੂ ਰਾਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਸੀ ਅਤੇ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਵੀ ਸਮਾਜ ਸੁਧਾਰ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ । ਇਹ ਗੱਲ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਤਿਗੁਰੂ ਰਾਮ ਸਿੰਘ ਜੀ ਦੇ 205ਵੇਂ ਪ੍ਰਕਾਸ਼ ਪੁਰਬ ‘ਤੇ ਆਯੋਜਤ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਦਿੱਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ। ਉਨ੍ਹਾਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ। ਉਨ੍ਹਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਮੌਕੇ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ ‘ਤੇ ਸਤਿਗੁਰੂ ਰਾਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇਥੇ ਆਉਣਾ ਚਾਹੁੰਦੇ ਸਨ ਪਰ ਕੁਝ ਮਜ਼ਬੁੂਰੀਆਂ ਕਾਰਨ ਉਹ ਸਮਾਗਮ ਵਿਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾਂ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਤ ਕੀਤਾ ਹੈ। ਉਨ੍ਹਾਂ ਬੁੱਢੇ ਨਾਲੇ ਦੀ ਕਾਇਆ ਕਲਪ ਵਾਲੇ ਪ੍ਰੋਜੈਕਟ ਲਈ ਬਣੀ ਟਾਸਕ ਫੋਰਸ ਦੀ ਅਗਵਾਈ ਕਰਨ ਲਈ ਸਤਿਗੁਰੂ ਉਦੈ ਸਿੰਘ ਜੀ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ.ਮਲਕੀਤ ਸਿੰਘ ਦਾਖਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਐਸ.ਡੀ.ਐਮ. ਡਾ. ਬਲਜਿੰਦਰ ਸਿੰਘ ਢਿੱਲੋਂ, ਸ੍ਰੀ ਐਚ.ਐਸ. ਹੰਸਪਾਲ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।