Sunday, April 28

ਖੇਡ ਕਿੱਟਾਂ ਵੰਡ ਦੇ ਦੂਜੇ ਪੜਾਅ ਦੀ ਸ਼ੁਰੂਆਤ 23 ਫਰਵਰੀ ਨੂੰ ਕੀਤੀ ਜਾਵੇਗੀ – ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ

  • ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਸਮਾਗਮ ਮੌਕੇ ਹੋਣਗੇ ਮੁੱਖ ਮਹਿਮਾਨ
  • ਇਨ੍ਹਾਂ ਸਮਾਗਮਾਂ ਦਾ ਜਲੰਧਰ ਵਿਖੇ 26 ਫਰਵਰੀ, ਅਮ੍ਰਿਤਸਰ 3 ਮਾਰਚ ਤੇ ਮੋਹਾਲੀ ਵਿਖੇ 06 ਮਾਰਚ ਨੂੰ ਕੀਤਾ ਜਾਣਾ ਹੈ ਆਯੋਜਨ

ਲੁਧਿਆਣਾ, (ਸੰਜੇ ਮਿੰਕਾ) – ਜ਼ਮੀਨੀ ਪੱਧਰ ‘ਤੇ ਨੌਜਵਾਨਾਂ ਵਿਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਆਪਣੇ ਯਤਨਾਂ ਦੀ ਲਗਾਤਾਰਤਾ ਵਿੱਚ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ‘ਯੂਥ ਆਫ ਪੰਜਾਬ’ ਮੁਹਿੰਮ ਤਹਿਤ ਖੇਡ ਕਿੱਟਾਂ ਦੀ ਵੰਡ ਦੇ ਦੂਜੇ ਪੜਾਅ ਦੀ ਸ਼ੁਰੂਆਤ 23 ਫਰਵਰੀ, 2021 ਨੂੰ ਕੀਤੀ ਜਾਵੇਗੀ। ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸ੍ਰੀ ਟੀ.ਐਸ. ਸ਼ੇਰਗਿੱਲ ਸਥਾਨਕ ਗੁਰੂ ਨਾਨਕ ਭਵਨ ਵਿਖੇ ਹੋਣ ਵਾਲੇ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਖੇਡ ਕਿੱਟਾਂ ਨੌਜਵਾਨਾਂ, ਕਾਲਜ ਸਪੋਰਟਸ ਕਲੱਬਾਂ, ਰੈਡ ਰਿੱਬਨ ਕਲੱਬਾਂ, ਐਨ.ਐੱਸ.ਐੱਸ. ਇਕਾਈਆਂ ਅਤੇ ਹੋਰ ਸੰਸਥਾਵਾਂ ਨੂੰ ਦਿੱਤੀਆਂ ਜਾਣਗੀਆਂ ਜੋ ਖੇਡਾਂ ਪ੍ਰਤੀ ਸਮਰਪਿਤ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਜੋ ਉਨ੍ਹਾਂ ਨੂੰ ਆਪਣੇ ਪਿੰਡਾਂ ਦੇ ਅੰਬੈਸਡਰਜ਼ ਬਣਨ ਵਿੱਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਪੱਬਾਂ ਪਾਰ ਰਹੀ ਹੈ ਅਤੇ ਭਵਿੱਖ ਵਿੱਚ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ। ਚੇਅਰਪਰਸਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਇੱਕ ਵਾਰ ਫੇਰ ਕਿਹਾ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਨਸ਼ਿਆਂ ਖ਼ਿਲਾਫ਼ ਜੰਗ ਛੇੜ ਚੁੱਕੀ ਹੈ ਅਤੇ ਇਸ ਕੋਹੜ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ ਬਦਲਿਆ ਜਾ ਸਕਦਾ ਹੈ ਅਤੇ ਉਹ ਸਮਾਜ ਅਤੇ ਦੇਸ਼ਹਿੱਤ ਵਿੱਚ ਅਹਿਮ ਯੋਗਦਾਨ ਪਾਉਣ ਦੇ ਕਾਬਲ ਬਣ ਜਾਣਗੇ। ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਅਜਿਹੇ ਸਮਾਗਮ ਕ੍ਰਮਵਾਰ ਜਲੰਧਰ ਵਿਖੇ 26 ਫਰਵਰੀ ਨੂੰ, ਅਮ੍ਰਿਤਸਰ ਵਿਖੇ 3 ਮਾਰਚ ਅਤੇ ਮੋਹਾਲੀ ਵਿਖੇ 06 ਮਾਰਚ, 2021 ਨੂੰ ਆਯੋਜਿਤ ਕੀਤੇ ਜਾਣਗੇ।

About Author

Leave A Reply

WP2Social Auto Publish Powered By : XYZScripts.com