- ਡੀ.ਸੀ. ਵੱਲੋਂ ਰੈਡ ਕਰਾਸ ਦੇ ਸੀਨੀਅਰ ਸਿਟੀਜ਼ਨਜ਼ ਹੋਮ ਦੇ ਦੋ ਕਮਰਿਆਂ ਦੀ ਮੁਰੰਮਤ ਕਰਾਉਣ ਦੇ ਵੀ ਦਿੱਤੇ ਆਦੇਸ਼
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਰੈਡ ਕਰਾਸ ਸੁਸਾਇਟੀ ਲੋਕਾਂ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨ ਵਜੋਂ ਇੱਕ ਚਾਨਣ ਮੁਨਾਰੇ ਦਾ ਕੰਮ ਕਰ ਰਹੀ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਮੂਲ ਰੂਪ ਇੱਕ ਸੁਧਾਰਵਾਦੀ ਲਹਿਰ ਹੈ ਜਿਸਦਾ ਉਦੇਸ਼ ਬੀਮਾਰ ਮਨੁੱਖਤਾਂ ਦੀਆਂ ਔਕੜਾਂ ਤੋਂ ਨਿਜਾਤ ਦਿਵਾਉਣੀ ਹੈ। ਉਨ੍ਹਾਂ ਕਿਹਾ ਕਿ ਇਹ ਲਹਿਰ ਮਨੁੱਖਤਾ ਵਿਚ ਰਹਿਮ, ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਦੁਬਾਰਾ ਜ਼ਿੰਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਵਿਚਾਰਾਂ ਤੇ ਵਿਵਾਦਾਂ ਵਿਚ ਵੰਡਿਆ ਹੋਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਨੂੰ ਇਸ ਮਹਾਨ ਲਹਿਰ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਜੋ ਸਾਨੂੰ ਸਾਰਿਆਂ ਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਉਪਦੇਸ਼ ਦਿੰਦੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਲੋੜਵੰਦ ਅਤੇ ਗਰੀਬ ਵਰਗ ਸਮਾਜ ਦੀ ਸੇਵਾ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਨੂੰ ਸਥਾਨਕ ਵਲੰਟੀਅਰਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਸਰਾਭਾ ਨਗਰ ਵਿਖੇ ਰੈਡ ਕਰਾਸ ਦੇ ਸੀਨੀਅਰ ਸਿਟੀਜ਼ਨਜ਼ ਹੋਮ ਦੇ ਦੋ ਕਮਰਿਆਂ ਦੀ ਮੁਰੰਮਤ ਕਰਾਉਣ ਦਾ ਵੀ ਆਦੇਸ਼ ਦਿੱਤਾ। ਉਨ੍ਹਾਂ ਰੈਡ ਕਰਾਸ ਬਾਲ ਭਵਨ ਵਿੱਚ ਦੋ ਅਧਿਆਪਕਾਂ ਦੀ ਨਿਯੁਕਤੀ ਲਈ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ ਅਤੇ ਐਸ.ਡੀ.ਐਮ. ਡਾ. ਬਲਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।