Friday, May 9

ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ (ਸੇਵਾਮੁਕਤ), ਡੀ.ਸੀ, ਐਮ.ਸੀ ਕਮਿਸ਼ਨਰ ਅਤੇ ਡੇਰਾ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਬੁੱਢੇ ਨਾਲੇ ਦੇੇ 14 ਕਿਲੋਮੀਟਰ ਏਰੀਏ ‘ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਕਾਰ ਸੇਵਾ ਖਡੂਰ ਸਾਹਿਬ ਦੇ ਪ੍ਰਮੁੱਖ ਬਾਬਾ ਸੇਵਾ ਸਿੰਘ ਦੇ ਸਹਿਯੋਗ ਨਾਲ ਅੱਜ ਸਥਾਨਕ ਸ਼ਿਵਪੁਰੀ ਇਲਾਕੇ ਵਿਚ ਬੁੱਢੇ ਨਾਲੇ ਦੇ ਕਿਨਾਰਿਆਂ ‘ਤੇ 14 ਕਿਲੋਮੀਟਰ ਏਰੀਏ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਦੀ ਰਸਮੀ ਸ਼ੁਰੂਆਤ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਸ.ਜਸਬੀਰ ਸਿੰਘ (ਸੇਵਾਮੁਕਤ), ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਬਾਬਾ ਸੇਵਾ ਸਿੰਘ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਤਹਿਤ, 8-10 ਫੁੱਟ ਲੰਬਾਈ ਵਾਲੇ ਪੌਦੇ ਸਾਰੇ ਖੇਤਰ ਵਿੱਚ ਲਗਾਏ ਜਾਣਗੇ। ਜਸਟਿਸ ਸ.ਜਸਬੀਰ ਸਿੰਘ(ਸੇਵਾਮੁਕਤ) ਵੱਲੋਂ ਬਾਬਾ ਸੇਵਾ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਨੂੰ ਸਵੱਛ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਬੂਟੇ ਲਗਾ ਕੇ ਵਾਤਾਵਰਣ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਐਨ.ਜੀ.ਟੀ. ਵਾਤਾਵਰਣ ਦੀ ਰਾਖੀ ਦਾ ਕੰਮ ਪਹਿਲਾਂ ਹੀ ਕਰ ਰਹੀ ਹੈ ਪਰ ਹੁਣ ਲੋਕਾਂ ਨੂੰ ਅੱਗੇ ਆ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਨੇਕ ਕੰਮ ਵਿਚ ਸ਼ਾਮਲ ਹੋਣ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੌਦਿਆਂ ਦੀ ਸਹੀ ਸੰਭਾਲ ਅਤੇ ਨਿਯਮਤ ਰੂਪ ਨਾਲ ਪਾਣੀ ਦੇਣ ਲਈ ਸਥਾਈ ਅਮਲੇ ਦੀ ਨਿਯੁਕਤੀ ਕਰਨ ਜਿਸ ਨਾਲ ਬੁੱਢੇ ਨਾਲੇ ਦਾ ਆਲਾ-ਦੁਆਲਾ ਹਰਿਆ ਭਰਿਆ ਰਹੇਗਾ। ਜਸਟਿਸ ਜਸਬੀਰ ਸਿੰਘ(ਸੇਵਾਮੁਕਤ) ਨੇ ਅੱਗੇ ਕਿਹਾ ਕਿ ਰੁੱਖ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਸ੍ਰੀ ਸ਼ਰਮਾ ਨੇ ਕਿਹਾ ਕਿ ਸੂੁਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਲੋੜ ਹੈ। ਸ੍ਰੀ ਸ਼ਰਮਾ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਹਰੇਕ ਨੂੰ ਜ਼ਿਲ੍ਹੇ ਵਿੱਚ ਹਰਿਆਵਲ ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਬੂਟੇ ਲਗਾ ਕੇ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ। ਉਨ੍ਹਾਂ ਕਿਹਾ ਕਿ ਨਿਗਮ ਬੂਟਿਆਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਲੋੜੀਂਦਾ ਸਟਾਫ ਨਿਯੁਕਤ ਕਰੇਗਾ । ਡੇਰਾ ਕਾਰ ਸੇਵਾ ਖਡੂਰ ਸਾਹਿਬ ਦੇ ਮੁੱਖੀ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਅਸੀਂ ਬੁੱਢੇ ਨਾਲੇ ਦੇ ਦੋਹਾਂ ਪਾਸਿਆਂ ਨੂੰ ਕਵਰ ਕਰਾਂਗੇ ਅਤੇ ਸਾਡੇ ਸਵੈ-ਸੇਵਕ ਵੀ ਬੁੱਟਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣਗੇ।

About Author

Leave A Reply

WP2Social Auto Publish Powered By : XYZScripts.com