- ਪੇਂਟਿੰਗ ਮੁਕਾਬਲੇ ‘ਚ ਪੰਜਵੀਂ ਜਮਾਤ ਦੇ ਅਜੈ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾ ਮਾਰਚ ਅਤੇ ਅਪ੍ਰੈਲ 2021 ਦੌਰਾਨ ਸਕੂਲੀ ਬੱਚਿਆਂ ਦੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ (ਸ.ਪ੍ਰਾ.ਸ.) ਭਾਮੀਆਂ ਖੁਰਦ ਵਿਖੇ ਜਮਾਤ ਪਹਿਲੀ ਤੋਂ ਪੰਜਵੀ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਸੰਬਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਆਪਸੀ ਪ੍ਰੇਮ, ਦਇਆ, ਧਾਰਮਿਕ, ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀ ਸਦੀਵੀ ਸਿੱਖਿਆਵਾਂ ਦੇ ਪ੍ਰਸਾਰ ਹਿਤ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਸ.ਪ੍ਰਾ.ਸ. ਭਾਮੀਆਂ ਖੁਰਦ ਦੇ ਸਕੂਲ ਮੁਖੀ ਸ਼੍ਰੀ ਸੁਖਰਾਮ ਨੇ ਦੱਸਿਆ ਕਿ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲਿਆਂ ਵਿੱਚ ਜਮਾਤ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਪੰਜਵੀਂ ਜਮਾਤ ਦੇ ਅਜੈ ਕੁਮਾਰ ਨੇ ਪਹਿਲਾ, ਜਮਾਤ ਚੌਥੀ ਦੇ ਸ਼ਸ਼ੀ ਕੁਮਾਰ ਨੇ ਦੂਸਰਾ ਅਤੇ ਜਮਾਤ ਪੰਜਵੀਂ ਦੀ ਖੁਸ਼ੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਹਨਾਂ ਦੱਸਿਆ ਕਿ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਉਹਨਾਂ ਨੂੰ ਸਰਟੀਫਿਕੇਟ ਅਤੇ ਇਨਾਮ ਦੇਕੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ ਗਿਆ।