- ਕੱਲ ਤੋ ਸੁਰੂ ਹੋਣ ਵਾਲੀ ਕਣਕ ਦੀ ਖਰੀਦ ਪ੍ਰਕਿਰਿਆ ਦੇ ਸਾਰੇ ਪ੍ਰਬੰਧ ਮੁਕੰਮਲ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਵੇਰਵਿਆਂ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਕੱਲ (10 ਅਪ੍ਰੈਲ) ਤੋਂ ਕਣਕ ਖਰੀਦ ਦੀ ਸ਼ੁਰੂਆਤ ਕਰਨ ਜਾ ਰਹੀ ਹੈ ਅਤੇ ਕੋਵਿਡ-19 ਮਹਾਂਮਾਰੀ ਦੇ ਪਰਛਾਵੇਂ ਹੇਠ ਕਿਸਾਨਾਂ ਦੇ ਪੀਲੇ ਸੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਪੂਰੀ ਖਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਨਾਜ ਮੰਡੀਆਂ ਵਿਚੋਂ ਕਿਸਾਨਾਂ ਦੀ ਫਸਲ ਤੁਰੰਤ ਚੁੱਕੀ ਜਾਵੇ ਅਤੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵੇਲੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਸਮੂਹ ਐਸ.ਡੀ.ਐਮ. ਸਹਿਬਾਨ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਕਣਕ ਦੀ ਖਰੀਦ ਦੇ ਕੰਮ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਸਮੇਂ ਸਿਰ ਅਦਾਇਗੀ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ, ਉਨ੍ਹਾਂ ਮਾਸਕ ਅਤੇ ਸੈਨੀਟਾਈਜ਼ਰ ਦੀ ਉਪਲੱਬਧਤਾ, ਸਮਾਜਿਕ ਦੂਰੀ ਕਾਇਮ ਰੱਖਣ ਅਤੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰਾਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਾਲ ਲਗਭਗ 9 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਣ ਦੀ ਸੰਭਾਵਨਾ ਹੈ ਜਿਸ ਲਈ 107 ਮੰਡੀਆਂ ਅਤੇ 200 ਤੋਂ ਵੱਧ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਜੋ ਮੰਡੀਆ ਵਿੱਚ ਜਿਆਦਾ ਇਕੱਠ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚੋਂ ਅਨਾਜ ਦੀ ਤੁਰੰਤ ਲਿਫਟਿੰਗ ਲਈ ਵੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।