- ਡੀ.ਸੀ. ਵੱਲੋਂ ਕਿਸਾਨਾਂ ਨੂੰ ਅਪੀਲ, ਕਣਕ ਦੀ ਸਮੇਂ ਸਿਰ ਖਰੀਦ ਲਈ ਸੁੱਕੀ ਕਣਕ ਹੀ ਲਿਆਂਦੀ ਜਾਵੇ ਮੰਡੀ
ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਕਣਕ ਦੀ ਫਸਲ ਸਮੇਂ ਸਿਰ ਖਰੀਦਣ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਹੈ। ਧਮੋਟ ਕਲਾਂ ਦੇ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ ਉਹ 100 ਕੁਇੰਟਲ ਦੇ ਕਰੀਬ ਕਣਕ ਮੰਡੀ ਵਿੱਚ ਲੈ ਕੇ ਆਇਆ ਸੀ ਜੋ 01 ਵਜੇ ਤੱਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਆਪਣੀ ਫਸਲ ਦੀ ਸਮੇਂ ਸਿਰ ਖਰੀਦ ਲਈ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ। ਇਸੇ ਤਰ੍ਹਾਂ ਪਿੰਡ ਫੈਜ਼ਗੜ ਦੇ ਕਿਸਾਨ ਰਣਧੀਰ ਸਿੰਘ ਨੇ ਦੱਸਿਆ ਕਿ ਉਸ ਦੀ 120 ਕੁਇੰਟਲ ਕਣਕ ਦੀ ਆਮਦ ਤੋਂ ਕੁਝ ਹੀ ਘੰਟਿਆਂ ਵਿੱਚ ਖੰਨਾ ਮੰਡੀ ਤੋਂ ਖਰੀਦ ਕੀਤੀ ਗਈ। ਖੰਨਾ ਤੋਂ ਕਿਸਾਨ ਅਮਰਿੰਦਰ ਸਿੰਘ ਆਪਣੀ 200 ਕੁਇੰਟਲ ਕਣਕ ਘਵੱਦੀ ਵਿਖੇ ਲੈ ਕੇ ਆਇਆ, ਜੋ ਕਿ ਕੁਝ ਹੀ ਘੰਟਿਆਂ ਵਿੱਚ ਖਰੀਦ ਵੀ ਗਈ। ਇਸੇ ਤਰ੍ਹਾਂ ਪਿੰਡ ਹਠੂਰ ਦੇ ਕਿਸਾਨ ਅਮਰ ਸਿੰਘ ਨੇ ਕਰੀਬ 200 ਕੁਇੰਟਲ ਕਣਕ ਵੇਚ ਦਿੱਤੀ, ਪਿੰਡ ਮਹੇਰਨਾ ਕਲਾਂ ਦੇ ਕਿਸਾਨ ਹਰਕੇਵਲ ਸਿੰਘ ਅਤੇ ਸੰਗੋਵਾਲ ਪਿੰਡ ਦੇ ਕਿਸਾਨ ਦਰਸ਼ਨ ਸਿੰਘ ਨੇ ਵੀ ਆਪਣੀ ਕਣਕ ਦੀ ਫਸਲ ਸਮੇਂ ਸਿਰ ਖਰੀਦਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕਣਕ ਦੀ ਨਿਰਵਿਘਨ ਖਰੀਦ ਚੱਲ ਰਹੀ ਹੈ ਕਿਉਂਕਿ ਅਨਾਜ ਮੰਡੀਆਂ ਵਿੱਚ ਪਹਿਲਾਂ ਪਹੁੰਚੀ ਕਣਕ ਦੀ ਖਰੀਦ ਨਾਲੋ-ਨਾਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਵੀਡ-19 ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਦੇ ਬਾਵਜੂਦ ਸੂਬਾ ਸਰਕਾਰ ਦੀ ਕਿਸਾਨਾਂ ਦੀ ਸਹੂਲਤ ਲਈ ਦ੍ਰਿੜ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਦੀ ਪੈਦਾਵਾਰ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਆਪਣਾ ਪੀਲਾ ਸੋਨਾ ਵੇਚਣ ਲਈ ਕਿਸੇ ਵੀ ਤਰ੍ਹਾਂ ਦੇ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਮੰਡੀ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲਾਪਰਵਾਹੀ ਦੀ ਸੂਰਤ ਵਿੱਚ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਦੀ ਕੁੱਝ ਮਾਤਰਾ ਵਿੱਚ ਨਿਰਧਾਰਤ ਸੀਮਾ ਤੋਂ ਜ਼ਿਆਦਾ ਨਮੀ ਪਾਈ ਗਈ, ਜੋਕਿ ਦਾਣੇ ਸਹੀ ਤਰ੍ਹਾਂ ਸੁੱਕ ਜਾਣ ਤੋਂ ਬਾਅਦ ਹੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਬਿਨ੍ਹਾਂ ਦੇਰੀ ਚੁੱਕਿਆ ਜਾਵੇ ਅਤੇ ਨਾਲ ਹੀ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਅਨਾਜ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖੀ ਜਾਵੇ।