ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਖੁਰਾਕ ਅਤੇ ਸਪਲਾਈਜ਼ ਕੰਟਰੋਲਰ (ਡੀ.ਐਫ.ਐਸ.ਸੀ.) ਹਰਵੀਨ ਕੌਰ ਦੀ ਅਗਵਾਈ ਹੇਠ ਖੁਰਾਕ ਸਪਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਖੰਨਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਜਾਰੀ ਰੱਖਿਆ। ਡੀ.ਐਫ.ਐਸ.ਸੀ. ਅਤੇ ਉਸਦੀ ਟੀਮ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਉਨ੍ਹਾਂ ਦੇ ਸਟਾਫ ਨਾਲ ਮੁਲਾਕਾਤ ਕੀਤੀ ਅਤੇ ਕਣਕ ਦੀ ਖਰੀਦ, ਲਿਫਟਿੰਗ ਅਤੇ ਬਾਰਦਾਨੇ ਦੀ ਉਪਲੱਬਧਤਾ ਦੀ ਸਥਿਤੀ ਦਾ ਜਾਇਜ਼ਾ ਲਿਆ। ਕਿਸਾਨਾਂ ਅਤੇ ਆੜ੍ਹਤੀਆਂ ਨੇ ਖਰੀਦ ਕਾਰਜਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਕਿਸਾਨਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਫਸਲ ਦੀ ਕਟਾਈ ਦਾ ਸਿੱਟਾ ਹੈ। ਆੜ੍ਹਤੀਆਂ ਐਸੋਸੀਏਸ਼ਨ ਦੇ ਮੁਖੀ ਸ.ਹਰਬੰਸ ਸਿੰਘ ਰੋਸ਼ਾ ਨੇ ਕਣਕ ਦੀ ਚੁਕਾਈ ਦੀ ਗਤੀ ਨੂੰ ਤੇਜ਼ ਕਰਨ ਦੀ ਮੰਗ ਕੀਤੀ, ਜਿਸ ਤੋਂ ਬਾਅਦ ਡੀ.ਐੱਫ.ਐੱਸ.ਸੀ. ਨੇ ਠੇਕੇਦਾਰਾਂ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਬਿਨਾਂ ਕਿਸੇ ਦੇਰੀ ਕੀਤੇ ਫਸਲ ਨੂੰ ਚੁੱਕਣ ਦੇ ਆਦੇਸ਼ ਦਿੱਤੇ। ਡੀ.ਐਫ.ਐਸ.ਸੀ. ਹਰਵੀਨ ਕੌਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਕਿਸਾਨਾਂ ਦੇ ਪੀਲੇ ਸੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਟਾਫ ਵੱਲੋਂ ਵੀ ਕਿਸੇ ਵੀ ਕਿਸਮ ਢਿੱਲ-ਮੱਠ ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ.ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਸ.ਗੁਰਦੀਪ ਸਿੰਘ, ਸ.ਰਾਜਦੀਪ ਸਿੰਘ ਨਾਗਰਾ, ਸ.ਦਰਸ਼ਨ ਸਿੰਘ ਗਿੱਲ, ਸ੍ਰੀ ਮੁਨੀਸ਼ ਪਜਨੀ ਅਤੇ ਹੋਰ ਹਾਜ਼ਰ ਸਨ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ