- ਏਜੰਸੀਆਂ ਵੱਲੋਂ ਮੰਡੀਆਂ ‘ਚ ਆਈ ਕਣਕ 99 ਫੀਸਦ ਖਰੀਦੀ ਗਈ, 587.76 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਕਿਸਾਨਾਂ ਨੂੰ
ਲੁਧਿਆਣਾ, (ਸੰਜੇ ਮਿੰਕਾ) – ਦਾਣਾ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੱਲ ਰਹੇ ਕਣਕ ਦੀ ਖਰੀਦ ਕਾਰਜਾਂ ਦੀ ਅੱਜ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਕਣਕ ਦੇ ਹਰ ਇੱਕ ਦਾਣੇ ਨੂੰ ਮੰਡੀ ਵਿੱਚੋਂ ਚੁੱਕਣ ਲਈ ਵਚਨਬੱਧ ਹੈ। ਹਾਲਾਂਕਿ ਮੰਡੀਆਂ ਵਿਚ ਅਨਾਜ ਦੀ ਖਰੀਦ ‘ਤੇ ਤਸੱਲੀ ਜ਼ਾਹਰ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਸਾਰੇ ਅਧਿਕਾਰੀ ਮੰਡੀਆਂ ਵਿਚ ਨਿਰਵਿਘਨ ਅਤੇ ਸੁਚਾਰੂ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਣਕ ਦੀ ਖਰੀਦ ਤੋਂ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਮੰਡੀਆਂ ਵਿਚੋਂ ਕਣਕ ਚੁੱਕੀ ਜਾਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਅਵਹੇਲਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਕਾਰਜ ਬਹੁਤ ਵਧੀਆ ਢੰਗ ਨਾਲ ਚੱਲ ਰਹੇ ਹਨ ਅਤੇ ਏਜੰਸੀਆਂ ਵੱਲੋਂ 23 ਅਪ੍ਰੈਲ ਤੱਕ ਕਣਕ ਦੀ 99 ਪ੍ਰਤੀਸ਼ਤ ਖਰੀਦ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ 60 ਫ਼ੀਸਦ ਤੋਂ ਵੱਧ ਭੰਡਾਰ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ 23 ਅਪ੍ਰੈਲ ਤੱਕ ਲਗਭਗ 6.04 ਲੱਖ ਮੀਟ੍ਰਿਕ ਟਨ ਕਣਕ ਮੰਡੀ ਵਿਚ ਆ ਚੁੱਕੀ ਹੈ ਜਿਸ ਵਿਚੋਂ 5.96 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਅਨਾਜ ਮੰਡੀਆਂ ਵਿਚ ਖਰੀਦੀ ਗਈ ਹੈ। ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ 587.76 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਖਰੀਦ ਕੀਤੇ ਅਨਾਜ ਲਈ ਕੀਤੀ ਜਾ ਚੁੱਕੀ ਹੈ। ਸ੍ਰੀ ਸ਼ਰਮਾ ਨੇ ਦੁਹਰਾਇਆ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਬਹੁਤਾ ਸਮਾਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਮੁਆਇਨਾ ਕਰਨ ਲਈ ਜ਼ਮੀਨੀ ਪੱਧਰ ‘ਤੇ ਬਿਤਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਖੇਤਰਾਂ ਵਿੱਚ ਖਰੀਦ ਅਤੇ ਲਿਫਟਿੰਗ ਦੇ ਕੰਮਾਂ ਸੰਬੰਧੀ ਰਿਪੋਰਟ ਸਮੇਂ ਸਿਰ ਪੇਸ਼ ਕਰਨ। ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸਮੁੱਚੇ ਖਰੀਦ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਰਿਪੋਰਟ ਪੇਸ਼ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਲਈ ਕਰੜੇ ਹੱਥੀਂ ਨਜਿੱਠਿਆ ਜਾਵੇਗਾ।