Friday, June 27

ਕਣਕ ਦੀ 100% ਖਰੀਦ ਅਤੇ 70% ਕਿਸਾਨਾਂ ਨੂੰ ਅਦਾਇਗੀ ਦੇ ਨਾਲ, ਜ਼ਿਲ੍ਹਾ ਪ੍ਰਸ਼ਾਸਨ ਨੇ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨ ਨੂੰ ਬਣਾਇਆ ਯਕੀਨੀ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਲੁਧਿਆਣਾ, (ਸੰਜੇ ਮਿੰਕਾ) – ਕਣਕ ਦੀ 100% ਖਰੀਦ ਅਤੇ 70% ਕਿਸਾਨਾਂ ਨੂੰ ਅਦਾਇਗੀ ਦੇ ਨਾਲ, ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ। ਚੱਲ ਰਹੇ ਹਾੜੀ ਮੰਡੀਕਰਨ ਦੇ ਸੀਜ਼ਨ ਸੰਬੰਧੀ ਪ੍ਰਾਪਤ ਵੇਰਵਿਆਂ ਅਨੁਸਾਰ ਖਰੀਦ ਏਜੰਸੀਆਂ ਨੇ ਇਸ ਸਾਲ 24 ਅਪ੍ਰੈਲ ਤੱਕ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ 644900 ਮੀਟਰਕ ਟਨ ਕਣਕ ਦੀ ਆਮਦ ਵਿੱਚੋਂ 644592 ਮੀਟ੍ਰਿਕ ਟਨ (ਐਮ.ਟੀ) ਦੀ ਖਰੀਦ ਕਰ ਲਈ ਹੈ। ਪਿਛਲੇ 72 ਘੰਟਿਆਂ ਵਿੱਚ, ਖਰੀਦ ਏਜੰਸੀਆਂ ਨੇ ਭੰਡਾਰ ਨੂੰ 62 ਫੀਸਦ ਤੱਕ ਵਧਾ ਲਿਆ ਹੈ ਅਤੇ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਕਿਉਂਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਲਈ ਚੇਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ‘ਤੇ ਪ੍ਰਸ਼ਾਸ਼ਨ ਦ੍ਰਿੜਤਾ ਨਾਲ ਵਚਨਬੱਧ ਹੈ ਕਿ ਉਹ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਸੀਜ਼ਨ ਨੂੰ ਪੂਰਾ ਕਰੇ। ਉਨ੍ਹਾਂ ਕਿਹਾ ਕਿ ਸੁਨਹਿਰੀ ਅਨਾਜ ਦੀ ਮੌਕੇ ‘ਤੇ ਖਰੀਦ ਨੂੰ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਖਰੀਦਦਾਰ ਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਏਜੰਸੀਆਂ ਵੱਲੋ ਹੁਣ ਤੱਕ ਕਿਸਾਨਾਂ ਨੂੰ 773.61 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਰ ਇੱਕ ਦਾਣੇ ਨੂੰ ਅਨਾਜ ਮੰਡੀਆਂ ਵਿੱਚ ਚੁੱਕਣ ਲਈ ਵਚਨਬੱਧ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਦੇ ਅਨਾਜ ਦੀ ਮੰਡੀ/ਖਰੀਦ ਕੇਂਦਰਾਂ ਵਿੱਚ ਦਾਖਲ ਹੁੰਦੇ ਸਾਰ ਹੀ ਖਰੀਦ ਕੀਤੀ ਗਈ ਹੈ ਅਤੇ ਚੱਲ ਰਹੇ ਖਰੀਦ ਕਾਰਜ ਅਤੇ ਕਿਸਾਨਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਰੋਜ਼ਾਨਾ ਕਿਸਾਨਾਂ ਨਾਲ ਗੱਲਬਾਤ ਕਰਕੇ ਜ਼ਮੀਨ ਪੱਧਰ ‘ਤੇ ਨਿਰੀਖਣ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਪ੍ਰਸ਼ਾਸਨ ਨੂੰ ਇਸ ਸਾਲ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ ਤਕਰੀਬਨ 9 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਉਮੀਦ ਹੈ ਅਤੇ ਕੋਵਿਡ ਮੁਕਤ ਸੀਜਨ ਲਈ ਮਾਸਕ ਪਾਉਣਾ, ਸਮਾਜਿਕ ਦੂਰੀਂ, ਅਕਸਰ ਹੱਥ ਧੋਣਾ ਅਤੇ ਹੋਰਾਂ ਸਮੇਤ ਕੋਵੀਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

About Author

Leave A Reply

WP2Social Auto Publish Powered By : XYZScripts.com