- ਪੰਜਾਬ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਹਰ ਪੱਖੋ ਸਮਰੱਥ
ਲੁਧਿਆਣਾ, (ਸੰਜੇ ਮਿੰਕਾ) – ਲੋਕ ਸਭਾ ਮੈਂਬਰ ਸ.ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਅਤੇ ਉਥੇ ਆਈਸੋਲੇਸ਼ਨ ਵਾਰਡਾਂ ਅਤੇ ਬੈਡਾਂ ਦਾ ਜਾਇਜ਼ਾ ਲਿਆ। ਸਿਵਲ ਹਸਪਤਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਬਿੱਟੂ ਨੇ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਵਰਤੇ ਜਾ ਰਹੇ ਆਇਸੋਲੇਸ਼ਨ ਵਾਰਡਾਂ ਅਤੇ ਸਾਰੇ ਜ਼ਰੂਰੀ ਉਪਕਰਣਾਂ ਦਾ ਨਿਰੀਖਣ ਕੀਤਾ। ਸੰਸਦ ਮੈਂਬਰ ਨੇ ਮੈਡੀਕਲ ਸਟਾਫ ਨਾਲ ਗੱਲਬਾਤ ਕੀਤੀ ਅਤੇ ਮਹਾਂਮਾਰੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਹਸਪਤਾਲ ਵਿਚ ਕੀਤੇ ਪ੍ਰਬੰਧਾਂ ‘ਤੇ ਪੂਰਨ ਸੰਤੁਸ਼ਟੀ ਜ਼ਾਹਰ ਕਰਦਿਆਂ, ਸੰਸਦ ਮੈਂਬਰ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਨੇ ਕੋਵਿਡ ਮਾਮਲਿਆਂ ਵਿਚ ਮੌਜੂਦਾ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਰੋਕਣ ਲਈ ਪਹਿਲਾਂ ਹੀ ਆਪਣੇ ਆਪਣੇ ਹਸਪਤਾਲਾਂ ਵਿਚ ਵਿਸ਼ੇਸ਼ ਆਇਸੋਲੇਸ਼ਨ ਵਾਰਡ ਸਥਾਪਤ ਕੀਤੇ ਹਨ. ਸੰਸਦ ਮੈਂਬਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਕਿਹਾ ਕਿ ਪੰਜਾਬ ਸਰਕਾਰ ਦੂਜੀ ਲਹਿਰ ਨਾਲ ਨਜਿੱਠਣ ਲਈ ਹਰ ਪੱਖੋਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਇਕ ਵਿਸ਼ਾਲ ਵਿਸ਼ਵਵਿਆਪੀ ਖ਼ਤਰੇ ਵਜੋਂ ਉੱਭਰਿਆ ਹੈ ਅਤੇ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਾਅ ਦਾ ਇਕੋ ਰਸਤਾ ਇਸਦੀ ਰੋਕਥਾਮ ਹੈ। ਉਨ੍ਹਾਂ ਡਰੱਗ ਵਿਭਾਗ ਨੂੰ ਆਕਸੀਜਨ ਅਤੇ ਹੋਰ ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਨਾਲ ਕਰੜ੍ਹੇ ਹੱਥੀ ਨਜਿੱਠਣ ਦੀ ਵੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਮਾਸਕ ਪਹਿਨਣ, ਸਮਾਜਕ ਦੂਰੀ ਅਤੇ ਹੱਥਾਂ ਦੀ ਸਫਾਈ ਰੱਖਣ ਅਤੇ ਸਰਕਾਰ ਵੱਲੋਂ ਜਾਰੀ ਵਾਇਰਸ ਨੂੰ ਰੋਕਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਸਮੇਤ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।