- ਮਹਾਮਾਂਰੀ ਦੀ ਗੰਭੀਰ ਸਥਿਤੀ ‘ਤੇ ਕਾਬੂ ਪਾਉਣ ਲਈ ਜਨਤਾ ਦਾ ਸਹਿਯੋਗ ਜ਼ਰੂਰੀ – ਡਾ. ਕਿਰਨ ਆਹਲੂਵਾਲੀਆ ਗਿੱਲ
ਲੁਧਿਆਣਾ ,(ਸੰਜੇ ਮਿੰਕਾ)- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਗਿੱਲ ਵੱਲੋਂ ਲੁਧਿਆਣਾ ਵਾਸੀਆਂ ਨੂੰ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਇੱਕ ਸ਼ਹਿਰੀ ਸਰਕਾਰ ਵੱਲੋਂ ਦਿੱਤੀਆਂ ਸਾਵਧਾਨੀਆਂ ਜ਼ਰੂਰ ਅਪਨਾਉਣ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ। ਡਾ. ਗਿੱਲ ਨੇ ਕਿਹਾ ਕਿ ਜਨਤਾ ਨੂੰ ਸੁਚੇਤ ਕਰਨ ਲਈ ਹਰ ਇੱਕ ਕਰਮਚਾਰੀ ਆਪਣੀ ਡਿਊਟੀ ਨਿਭਾ ਰਿਹਾ ਹੈ। ਇਸੇ ਲੜੀ ਤਹਿਤ ਰੋਜ਼ਾਨਾ ਦੀ ਤਰ੍ਹਾਂ ਮਾਸ ਮੀਡੀਆ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅਪੀਲ ਕੀਤੀ ਜਾ ਰਹੀ ਹੈ ਕਿ ਸ਼ਹਿਰ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ ਅਤੇ ਅਜਿਹੀ ਸਥਿਤੀ ‘ਤੇ ਕਾਬੂ ਪਾਉਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਜਿਸ ਵਿੱਚ ਅਤਿ ਜ਼ਰੂਰੀ ਹੈ ਕਿ ਅਸੀਂ ਹਮੇਸ਼ਾ ਮਾਸਕ ਪਹਿਨੀਏ, ਸਮੇਂ-ਸਮੇਂ ‘ਤੇ ਹੱਥ ਸਾਫ ਕਰੀਏ ਅਤੇ ਨਿਸਚਿਤ ਦੂਰੀ ਬਣਾ ਕੇ ਰੱਖੀਏ ਅਤੇ ਭੀੜ ਵਾਲੀ ਕਿਸੇ ਵੀ ਜਗ੍ਹਾ ‘ਤੇ ਬਿਲਕੁੱਲ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਆਪਣਾ ਬਣਦਾ ਫਰਜ਼ ਨਿਭਾਵਾਂਗੇ ਤਾਂ ਜਲਦ ਹੀ ਕੋਰੋਨਾ ਤੋਂ ਨਿਜਾਤ ਪਾ ਸਕਾਂਗੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੁਖਾਰ ਜਾਂ ਖੰਘ ਹੋਣ ਦੀ ਸੂਰਤ ਵਿੱਚ ਕੋਵਿਡ ਟੈਸਟ ਜ਼ਰੂਰ ਕਰਵਾਇਆ ਜਾਵੇ ਤਾਂ ਕਿ ਬਿਮਾਰੀ ਹੋਣ ਦੀ ਸੂਰਤ ਵਿੱਚ ਸਮੇਂ ਸਿਰ ਇਲਾਜ਼ ਕੀਤਾ ਜਾ ਸਕੇ। ਉਨ੍ਹਾਂ ਟੀਕਾਕਰਨ ਕਰਵਾਉਣ ਦੀ ਵੀ ਅਪੀਲ ਕੀਤੀ। ਡਾ. ਜੁਨੇਜਾ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਬਚਿਆ ਜਾਵੇ ਅਤੇ ਜੇਕਰ ਕੋਈ ਪੁੱਛ-ਗਿੱਛ ਕਰਨੀ ਹੋਵੇ ਤਾਂ ਨੇੜੇ ਦੇ ਸਿਹਤ ਕੇਂਦਰ ਦੇ ਮੁਲਾਜਮ ਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਇਹ ਜਾਗਰੂਕਤਾ ਗਤੀਵਿਧੀ ਜਾਰੀ ਰਹੇਗੀ ਤਾਂ ਜੋ ਹਰ ਇੱਕ ਤੱਕ ਇਸ ਸਬੰਧੀ ਜਾਣਕਾਰੀ ਪਹੁੰਚਾਈ ਜਾ ਸਕੇ।