
- ਮੇਅਰ ਬਲਕਾਰ ਸਿੰਘ ਸੰਧੂ ਦੇ ਨਾਲ ਭਾਰਤ ਭੂਸ਼ਣ ਆਸ਼ੂ ਨੇ ਇਕ ਈ-ਰਿਕਸ਼ਾ ‘ਤੇ ਗ੍ਰੀਨ ਬੈਲਟ ਦਾ ਲਿਆ ਜਾਇਜ਼ਾ
ਲੁਧਿਆਣਾ, (ਸੰਜੇ ਮਿੰਕਾ, ਅਰੁਣ ਜੈਨ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ ਸ਼ੇਰਪੁਰ ਚੌਕ ਤੋਂ ਜਲੰਧਰ ਬਾਈਪਾਸ ਚੌਕ ਤੱਕ ਪੁਰਾਣੇ ਜੀ.ਟੀ. ਰੋਡ ਦੇ ਦੋਵੇਂ ਪਾਸੇ ਗਰੀਨ ਬੈਲਟਾਂ ਦਾ ਸਹੀ ਤਰੀਕੇ ਨਾਲ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਗ੍ਰੀਨ ਬੈਲਟਸ ਮੌਜੂਦ ਹਨ, ਪਰ ਇਨ੍ਹਾਂ ਦਾ ਸਹੀ ਤਰੀਕੇ ਨਾਲ ਪ੍ਰਬੰਧਨ ਨਹੀਂ ਕੀਤਾ ਜਾਂਦਾ ਹੈ। ਮੇਅਰ ਬਲਕਾਰ ਸਿੰਘ ਸੰਧੂ ਦੇ ਨਾਲ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਕ ਈ-ਰਿਕਸ਼ਾ ‘ਤੇ ਸੜਕ ‘ਤੇ ਚੱਕਰ ਕੱਢਿਆ। ਉਨ੍ਹਾਂ ਲੁਧਿਆਣਾ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਰਾਣੇ ਜੀ.ਟੀ. ਰੋਡ ਦੇ ਨਾਲ ਲੱਗਦੀਆਂ ਗ੍ਰੀਨ ਬੈਲਟਾਂ ਨੂੰ ਚੰਗੀ ਤਰ੍ਹਾਂ ਸੰਭਾਲਿਆ ਜਾਵੇ। ਉਨ੍ਹਾਂ ਦੱਸਿਆ ਕਿ ਮੇਅਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੀਨੀਅਰ ਨਿਗਮ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਪੜਤਾਲ ਕਰਵਾਈ ਜਾਵੇ ਤਾਂ ਜੋ ਸਾਰੀਆਂ ਗ੍ਰੀਨ ਬੈਲਟਾਂ ਦਾ ਕੰਮ ਜਲਦ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਾਲ ਲੱਗਦੀਆਂ ਕੁੱਝ ਗ੍ਰੀਨ ਬੈਲਟਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਦਕਿ ਬਾਕੀ ਕੰਮ ਜਲਦ ਹੀ ਸ਼ੁਰੂ ਹੋ ਜਾਣਗੇ। ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸ਼ਹਿਰ ਵਿਚ ਮੌਜੂਦ ਸਾਰੀਆਂ ਗ੍ਰੀਨ ਬੈਲਟਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਵੇਗਾ, ਇਸ ਤੋਂ ਇਲਾਵਾ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਪਹਿਲਾਂ ਹੀ ਕਈ ਹੋਰ ਗ੍ਰੀਨ ਬੈਲਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ।