
- ਜੱਚਾ-ਬੱਚਾ ਹਸਪਤਾਲ ਵਰਧਮਾਨ ਦਾ ਕੀਤਾ ਦੌਰਾ, ਕੋਵਿਡ ਮਰੀਜ਼ਾਂ ਦੇ ਪ੍ਰਬੰਧਨ ਦੀ ਕੀਤੀ ਸਮੀਖਿਆ
ਲੁਧਿਆਣਾ, (ਸੰਜੇ ਮਿੰਕਾ) – ਘੱਟ ਤੋਂ ਘੱਟ ਸਮੇਂ ਵਿੱਚ ਯੋਗ ਵਿਅਕਤੀਆਂ ਨੂੰ ਕਵਰ ਕਰਨ ਲਈ ਕੋਵਿਡ ਟੀਕਾਕਰਣ ਮੁਹਿੰਮ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ, ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਅੱਜ ਸਥਾਨਕ ਚੰਡੀਗੜ੍ਹ ਰੋਡ ‘ਤੇ ਗ੍ਰੀਨਲੈਂਡ ਸਕੂਲ ਵਿੱਚ ਇੱਕ ਨਵੀਂ ਟੀਕਾਕਰਣ ਸਾਈਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਡਾ ਬਲਜਿੰਦਰ ਸਿੰਘ ਢਿੱਲੋਂ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ. ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਤਲਵਾੜ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਵਿਚ ਸਿਰਫ ਟੀਕਾਕਰਨ ਹੀ ਇਕ ਵੱਡਾ ਹਥਿਆਰ ਹੈ ਅਤੇ ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਦੀ ਤੇਜ਼ੀ ਨਾਲ ਕਵਰੇਜ ਇਸ ਵਾਇਰਸ ਦੇ ਪਸਾਰ ਨੂੰ ਰੋਕਣ ਵਿੱਚ ਸਹਾਈ ਸਿੱਧ ਹੋਵੇਗੀ। ਵਿਧਾਇਕ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਕਾਬੂ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਹਰ ਮਰੀਜ਼ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਜੱਚਾ-ਬੱਚਾ ਹਸਪਤਾਲ ਵਰਧਮਾਨ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪ੍ਰਬੰਧਾਂ ਵਿਚ ਕਿਸੇ ਵੀ ਕਿਸਮ ਦੀ ਕੋਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ, ਜ਼ਰੂਰੀ ਦਵਾਈਆਂ ਅਤੇ ਮਰੀਜ਼ਾਂ ਦੀ ਸਹੂਲਤ ਲਈ ਪ੍ਰਸ਼ਾਸਨ ਦੇ ਨਾਲ ਹੋਰ ਅਧਿਕਾਰੀ 24 ਘੰਟੇ ਕੰਮ ਕਰ ਰਹੇ ਹਨ। ਢੁੱਕਵੀ ਦੂਰੀ ਨੂੰ ਬਣਾਈ ਰੱਖਦੇ ਹੋਏ, ਸ੍ਰੀ ਤਲਵਾੜ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨੂੰ ਮਿਲਣ ਵੀ ਗਏ। ਵਿਧਾਇਕ ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਦਾ ਸਹੀ ਪਾਲਣ ਕਰਨ, ਸਮਾਜਿਕ ਦੂਰੀਂ ਅਤੇ ਹੱਥਾਂ ਦੀ ਸਫਾਈ ਸਮੇਤ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਅਦਿੱਖ ਦੁਸ਼ਮਣ ਵਿਰੁੱਧ ਲੜਾਈ ਵਿਚ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।