- 17 ਲੱਖ ਲਾਭਪਾਤਰੀ ਪ੍ਰਾਪਤ ਕਰਨਗੇ 2 ਮਹੀਨਿਆਂ ਦੀ ਮੁਫ਼ਤ ਕਣਕ
ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ 4.54 ਲੱਖ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਇਕੋ ਵਾਰ ਦੋ ਮਹੀਨਿਆਂ ਲਈ ਮੁਫਤ ਕਣਕ ਦੀ ਵੰਡ ਲਈ ਤਿਆਰੀ ਖਿੱਚ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਣ ਕਾਰਨ ਮੌਜੂਦਾ ਸਥਿਤੀ ਵਿਚ ਤਕਰੀਬਨ 17 ਲੱਖ ਯੋਗ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਇਸ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ ਕੀਤੀ। ਵੇਰਵਿਆਂ ਨੂੰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐੱਮ.ਜੀ.ਕੇ.ਏ.ਆਈ) ਅਧੀਨ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਨਿਰਪੱਖ ਵੰਡ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ ਸਰਕਾਰ ਨੇ ਲਾਭਪਾਤਰੀਆਂ ਨੂੰ ਪ੍ਰਤੀ ਲਾਭਪਾਤਰੀ 5 ਕਿੱਲੋ ਕਣਕ ਪ੍ਰਤੀ ਮਹੀਨੇ ਦੇ ਹਿਸਾਬ ਨਾਲ 2 ਮਹੀਨਿਆਂ ਦੀ ਕਣਕ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖੁਰਾਕ, ਸਿਵਲ ਅਤੇ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਇਹ ਸੁਨਿਸ਼ਚਿਤ ਕਰਨ ਲਈ ਵਚਨਬੱਧ ਹਨ ਕਿ ਅਨਾਜ ਦੀ ਉਪਲੱਬਧਤਾ ਨਾ ਹੋਣ ਕਾਰਨ ਕਿਸੇ ਵੀ ਵਿਅਕਤੀ ਨੂੰ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੀ ਬਾਕਾਇਦਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਕਣਕ ਦੀ ਸਹੀ ਵੰਡ ਹੋ ਸਕੇ। ਉਨ੍ਹਾਂ ਕਿਹਾ ਕਿ ਡਿਪੂ ਧਾਰਕਾਂ ਦੁਆਰਾ ਸਹੀ ਵਜ਼ਨ ਨੂੰ ਯਕੀਨੀ ਬਣਾਇਆ ਜਾਵੇਗੀ ਅਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਜਾਂ ਬੇਈਮਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ. ਸੁਖਵਿੰਦਰ ਸਿੰਘ ਗਿੱਲ ਨੇ ਸਮਾਜ ਦੇ ਲੋੜਵੰਦ ਵਰਗ ਨੂੰ ਲਾਭ ਪਹੁੰਚਾਉਣ ਲਈ ਇਸ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਖੁਰਾਕ ਸਪਲਾਈ ਟੀਮਾਂ ਦਾ ਗਠਨ ਕੀਤਾ ਗਿਆ ਹੈ।