Saturday, May 10

ਸੰਸਦ ਮੈਂਬਰ ਡਾ.ਅਮਰ ਸਿੰਘ, ਵਿਧਾਇਕ ਲੱਖਾ ਤੇ ਢਿੱਲੋਂ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੇ 165ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

  • 15 ਅਗਸਤ ਮੌਕੇ, ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਸਥਾਪਤ ਕੀਤਾ ਜਾਵੇਗਾ – ਵਿਧਾਇਕ ਲਖਵੀਰ ਸਿੰਘ ਲੱਖਾ
  • ਪਿੰਡ ਦੇ ਵਿਕਾਸ ਕਾਰਜ਼ਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਵੀ ਸੌਂਪੀ

ਰੱਬੋਂ ਉਚੀ/ਲੁਧਿਆਣਾ,(ਸੰਜੇ ਮਿੰਕਾ) – ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਅੱਜ ਪਹਿਲੀ ਐਂਗਲੋ-ਸਿੱਖ ਜੰਗ ਤੋਂ ਬਾਅਦ ਪੰਜਾਬ ਵਿਚ ਬ੍ਰਿਟਿਸ਼ ਵਿਰੋਧੀ ਲਹਿਰ ਦੀ ਅਗਵਾਈ ਕਰਨ ਵਾਲੇ ਮਹਾਨ ਸਿੱਖ ਇਨਕਲਾਬੀ ਬਾਬਾ ਮਹਾਰਾਜ ਸਿੰਘ ਜੀ ਨੂੰ ਅਥਾਹ ਸ਼ਰਧਾਂਜਲੀ ਭੇਟ ਕੀਤੀ ਅਤੇ ਲੋਕਾਂ ਨੂੰ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਲਈ ਯਤਨ ਕਰਨ ਦੀ ਅਪੀਲ ਕੀਤੀ ਅਤੇ ਸੁਤੰਤਰਤਾ ਸੰਗਰਾਮ ਦੇ ਪਹਿਲੇ ਸਿੱਖ ਸ਼ਹੀਦ ਦੁਆਰਾ ਦਰਸਾਏ ਰਾਹ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਮਹਾਨ ਦੇਸ਼ ਭਗਤ ਸਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ। ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਦੇ 165ਵੇਂ ਸ਼ਹੀਦੀ ਦਿਹਾੜੇ ਮੌਕੇ ਸੰਖੇਪ ਸਮਾਗਮ ਦੌਰਾਨ ਵਿਧਾਇਕ ਸ. ਲਖਵੀਰ ਸਿੰਘ ਲੱਖਾ ਅਤੇ ਸ. ਅਮਰੀਕ ਸਿੰਘ ਢਿੱਲੋਂ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਪਿੱਛਲੱਗੂ ਲੇਖਕਾਂ ਨੇ 1857 ਦੇ ਦੇਸ਼ ਦੀ ਆਜ਼ਾਦੀ ਲਈ ਸੰੰਘਰਸ਼ ਨੂੰ ਵਿਦ੍ਰੋਹ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਤਿਹਾਸ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਬਾਬਾ ਮਹਾਰਾਜ ਸਿੰਘ ਨੇ ਉਸ ਵੇਲੇ ਹੀ ਸ਼ੁਰੂ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਆਖ਼ਰੀ ਸਾਸ਼ਕ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ ਹਕੂਮਤ ਦੀ ਗ੍ਰਿਫ਼ਤ ਵਿੱਚੋਂ ਛੁਡਾਉਣ ਲਈ ਸੰਘਰਸ਼ ਵਿੱਢ ਦਿੱਤਾ ਸੀ। ਇਹ ਸਿੱਖ ਕੌਮ ਅਤੇ ਦੇਸ਼ ਦੀ ਬਦਕਿਸਮਤੀ ਹੀ ਸੀ ਕਿ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਬਣਾਈ ਗਈ ਯੋਜਨਾ ਦਾ ਅੰਗਰੇਜ ਹਕੂਮਤ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੈਦ ਕਰਕੇ ਸਿੰਘਾਪੁਰ ਭੇਜ ਦਿੱਤਾ ਅਤੇ ਲੱਖਾਂ ਤਸੀਹੇ ਦਿੱਤੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ 5 ਜੁਲਾਈ, 1856 ਨੂੰ ਸ਼ਹੀਦੀ ਪ੍ਰਾਪਤ ਕੀਤੀ। ਬਾਬਾ ਮਹਾਰਾਜ ਸਿੰਘ ਨੇ ਆਪਣੇ ਜੀਵਨ ਦੌਰਾਨ ਅੰਗਰੇਜ਼ਾਂ ਵਿਰੁਧ ਵੱਖ-ਵੱਖ ਧਿਰਾਂ ਨੂੰ ਇਕੱਠਿਆਂ ਕਰਨ ‘ਤੇ ਬਹੁਤ ਜ਼ੋਰ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਸੁਤੰਤਰਤਾ ਸੰਗਰਾਮੀ ਦੇ ਵਿਸ਼ਾਲ ਅਮੀਰ ਅਤੇ ਗੌਰਵਮਈ ਇਤਿਹਾਸ ਅਤੇ ਰਾਜ ਦੀ ਸਭਿਆਚਾਰਕ ਵਿਰਾਸਤ ਦੀ ਸੰਭਾਲ ਲਈ ਵਚਨਬੱਧ ਹੈ। ਸੰਸਦ ਮੈਂਬਰ ਨੇ ਘੋਸ਼ਣਾ ਕੀਤੀ ਕਿ ਉਹ ਬਾਬਰਪੁਰ-ਉਚੀ ਰੱਬੋਂ ਸੜਕ ਦਾ ਮੁੱਦਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਵਿਚ ਸ਼ਾਮਲ ਕਰਨ ਲਈ ਕੇਂਦਰ ਸਰਕਾਰ ਕੋਲ ਚੁੱਕਣਗੇ ਅਤੇ ਦਾਅਵਾ ਕੀਤਾ ਕਿ ਇਹ ਸੂਬੇ ਦੀ ਇਕ ਸਰਬੋਤਮ ਸੜਕ ਹੋਵੇਗੀ। ਵਿਧਾਇਕ ਸ. ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਭਾਈ ਮਹਾਰਾਜ ਸਿੰਘ ਦਾ ਬੁੱਤ 15 ਅਗਸਤ ਨੂੰ ਲਗਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਕੋਲੋਂ 1 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਵੀ ਮੰਗ ਕੀਤੀ। ਬਾਅਦ ਵਿੱਚ ਸੰਸਦ ਮੈਂਬਰ ਅਤੇ ਵਿਧਾਇਕ ਨੇ ਇਤਿਹਾਸਕ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਸ.ਕਮਲਜੀਤ ਸਿੰਘ, ਵਾਈਸ ਚੇਅਰਮੈਨ ਸ.ਗੁਰਦੀਪ ਸਿੰਘ, ਸ.ਬੰਤ ਸਿੰਘ, ਐਸ.ਡੀ.ਐਮ. ਸ.ਮਨਕੰਵਲ ਸਿੰਘ ਚਾਹਲ ਅਤੇ ਹੋਰ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com