Saturday, May 10

ਡੀ.ਸੀ. ਵੱਲੋਂ ਜਗਰਾਂਊ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਕਿਹਾ! ਵੱਧ ਤੋਂ ਵੱਧ ਰੁੱਖ ਲਗਾ ਕੇ ਆਪਣੇ ਵਾਤਾਵਰਣ ਦੀ ਕੀਤੀ ਜਾਵੇ ਰੱਖਿਆ

ਜਗਰਾਂਊ/ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹੇ ਦੇ ਚਾਰ-ਚੁਫੇਰੇ ਨੂੰ ਹਰ-ਭਰਾ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਗਰਾਉਂ ਵਿਖੇ ਇਕ ਵਿਸ਼ਾਲ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ। ਸਬ-ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ, ਡਿਪਟੀ ਕਮਿਸ਼ਨਰ ਦੇ ਨਾਲ ਨਾਨਕਸਰ ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਡਾ. ਨਯਨ ਜੱਸਲ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਸ.ਨਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਫ਼ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ ਕਿਉਂਕਿ ਰੁੱਖ ਆਕਸੀਜਨ ਦਾ ਇਕਮਾਤਰ ਸਰੋਤ ਹਨ, ਜੋ ਧਰਤੀ ‘ਤੇ ਮਨੁੱਖੀ ਜੀਵਨ ਦਾ ਆਧਾਰ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਅੱਜ ਦੇ ਹਾਲਾਤਾਂ ਵਿਚ ਜਦੋਂ ਜੰਗਲਾਤ ਦਾ ਰਕਬਾ ਤੇਜ਼ੀ ਨਾਲ ਘੱਟ ਰਿਹਾ ਹੈ ਤਾਂ ਸਮੇਂ ਦੀ ਲੋੜ ਵੱਧ ਤੋਂ ਵੱਧ ਪੌਦੇ ਲਗਾਉਣ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਹਰਿਆਵਲ ਨੂੰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਟੀਚਾ ਇਹ ਸੁਨਿਸ਼ਚਿਤ ਕਰਨਾ ਹੈ ਕਿ ਸਬ-ਡਵੀਜ਼ਨ ਵਿਚ ਵੱਧ ਤੋਂ ਵੱਧ ਹਰਿਆਵਲ ਨੂੰ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪੌਦਿਆਂ ਦੀ ਸਹੀ ਸੰਭਾਲ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਨੂੰ ਸਮਾਜਿਕ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਰੁੱਖ ਲਗਾ ਕੇ ਆਪਣੇ ਵਾਤਾਵਰਣ ਦੀ ਰੱਖਿਆ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਦੇ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਵੱਲੋਂ ਪੰਜਾਬ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੁਸ਼ਣ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਸ੍ਰੀ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸੂਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਵਿੱਚ ਸਹਾਇਤਾ ਕਰਨਗੀਆਂ। ਇਸ ਨੇਕ ਕੰਮ ਵਿਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਸ੍ਰੀ ਸ਼ਰਮਾ ਨੇ ਉਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਨਾਨਕਸਰ ਗੁਰੂਦੁਆਰਾ ਸਾਹਿਬ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਵੀ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਬੂਟੇ ਲਗਾਉਣ ਦੀ ਅਪੀਲ ਕੀਤੀ।

About Author

Leave A Reply

WP2Social Auto Publish Powered By : XYZScripts.com