- ਪੀ.ਵਾਈ.ਡੀ.ਬੀ. ਦੇ ਚੇਅਰਮੈਨ ਬਿੰਦਰਾ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਦੀ ਵੱਡੀ ਭੂਮਿਕਾ ਦੀ ਮੰਗ ਕੀਤੀ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨੌਜਵਾਨਾਂ ਦੇ ਮੁੱਦਿਆਂ ਦੇ ਹੱਲ ਵਿੱਚ ਸਭ ਤੋਂ ਵੱਧ ਤਰਜੀਹ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਰਾਜ ਵਿੱਚ 1 ਲੱਖ ਸਰਕਾਰੀ ਨੌਕਰੀਆਂ ਦੀ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਜੋ ਕਿ ਸੂਬੇ ਵਿੱਚ ਨਿਰੋਲ ਮੈਰਿਟ ਦੇ ਅਧਾਰ ਤੇ ਚਲਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਵਿੱਚ ਵਿਸ਼ੇਸ਼ ਭਲਾਈ ਨੀਤੀਆਂ ਬਣਾਉਣ ਵੇਲੇ ਨੌਜਵਾਨਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਸ੍ਰੀ ਬਿੰਦਰਾ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਵਿਸ਼ਵ ਨੂੰ ਬਦਲਣ ਦੀ ਸ਼ਕਤੀ ਹੈ ਅਤੇ ਉਹ ਕਿਸੇ ਵੀ ਰਾਜ ਦੀ ਸੰਪਤੀ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਮੁਲਕਾਂ ਨੇ ਵਿਸ਼ਵ ਭਰ ਵਿੱਚ ਆਪਣਾ ਲੋਹਾ ਮਨਵਾਇਆ ਹੈ, ਓਥੇ ਨੌਜਵਾਨਾਂ ਨੇ ਸਮਾਜ ਦੇ ਵਿਕਾਸ ਵਿੱਚ ਆਪਣੀ ਉਸਾਰੂ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਉਨ੍ਹਾਂ ਯੂਥ ਕਲੱਬਾਂ ਦਾ ਵਿਸ਼ੇਸ਼ ਸਨਮਾਨ ਕਰਨ ਦੀ ਅਪੀਲ ਵੀ ਕੀਤੀ ਜੋ ਪੇਂਡੂ ਖੇਤਰਾਂ ਵਿੱਚ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੇ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਕੋਵਿਡ ਪ੍ਰੋਟਕਾਲ ਦੀ ਪਾਲਣਾ, ਟੀਕੇ ਦੀ ਮਹੱਤਤਾ ਅਤੇ ਪੇਂਡੂ ਲੋਕਾਂ ਵਿੱਚ ਟੈਸਟਿੰਗ ਬਾਰੇ ਤੀਬਰ ਜਾਗਰੂਕਤਾ ਮੁਹਿੰਮ ਚਲਾਉਣ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ।