Wednesday, March 12

ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੁਲਿਸ ਨੂੰ ਤਿਉਹਾਰਾਂ ਦੇ ਸੀਜ਼ਨ ਵਿੱਚ ਸ਼ਹਿਰ ਵਾਸੀਆਂ ਲਈ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

  • ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਆਵਾਜਾਈ ਪ੍ਰਬੰਧਨ ਲਈ ਵਿਆਪਕ ਯੋਜਨਾ ਤਿਆਰ ਕਰਨ ਦੀਆਂ ਦਿੱਤੀਆਂ ਹਦਾਇਤਾਂ
  • ਸ਼ਾਮ ਨੂੰ ਪੁਲਿਸ ਲਾਈਨਜ਼ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਦੀ ਕੀਤੀ ਪ੍ਰਧਾਨਗੀ

ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਲੁਧਿਆਣਾ ਪੁਲਿਸ, ਨਗਰ ਨਿਗਮ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨੂੰ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਾਸੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਿਉਂਕਿ ਕਈ ਮੁੱਖ ਸੜਕਾਂ ‘ਤੇ ਨਿਰਮਾਣ ਗਤੀਵਿਧੀਆਂ ਚੱਲ ਰਹੀਆਂ ਹਨ, ਇਸ ਲਈ ਸੰਬੰਧਤ ਅਧਿਕਾਰੀ ਪ੍ਰਭਾਵਸ਼ਾਲੀ ਟ੍ਰੈਫਿਕ ਪ੍ਰਬੰਧਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ। ਭਾਰਤ ਭੂਸ਼ਣ ਆਸ਼ੂ ਨੇ ਅੱਜ ਇੱਥੇ ਪੁਲਿਸ ਲਾਈਨਜ਼ ਵਿਖੇ ਇਸ ਸਬੰਧ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਜੁਆਇੰਟ ਸੀ.ਪੀ. ਜੇ ਏਲਨਚੇਜ਼ੀਅਨ, ਜੁਆਇੰਟ ਸੀ.ਪੀ. ਦੀਪਕ ਪਾਰਿਕ, ਐਨ.ਐਚ.ਏ.ਆਈ. ਦੇ ਸੀਨੀਅਰ ਅਧਿਕਾਰੀ, ਟ੍ਰੈਫਿਕ ਮਾਹਰ ਰਾਹੁਲ ਵਰਮਾ, ਐਕਸੀਅਨ ਸਮਾਰਟ ਸਿਟੀ ਰਮਨ ਕੌਸ਼ਲ ਅਤੇ ਹੋਰ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਟ੍ਰੈਫਿਕ ਜਾਮ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਇਸ ਲਈ ਪੁਲਿਸ ਵਿਭਾਗ ਵੱਲੋਂ ਹੋਰ ਸਬੰਧਤ ਵਿਭਾਗਾਂ ਦੇ ਨਾਲ ਮਿਲ ਕੇ ਜਲਦੀ ਤੋਂ ਜਲਦੀ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਫਿਰੋਜ਼ਪੁਰ ਰੋਡ ਵਿਖੇ ਐਲੀਵੇਟਿਡ ਰੋਡ ਪ੍ਰਾਜੈਕਟ ਦਾ ਕੰਮ ਚੱਲ ਰਿਹਾ ਹੈ। ਪੱਖੋਵਾਲ ਰੋਡ ਤੇ ਰੇਲ ਓਵਰ ਬ੍ਰਿਜ ਅਤੇ ਦੋ ਰੇਲ ਅੰਡਰ ਬ੍ਰਿਜਾਂ ਉੱਤੇ ਕੰਮ, ਮਲਹਾਰ ਰੋਡ ਨੂੰ ਸਮਾਰਟ ਰੋਡ ਵਜੋਂ ਅਪਗ੍ਰੇਡ ਕਰਨ ਦੇ ਕੰਮ ਤੋਂ ਇਲਾਵਾ ਕੁਝ ਹੋਰ ਵਿਕਾਸ ਪ੍ਰਾਜੈਕਟ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਆਸ਼ੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਕਾਰਨ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਟ੍ਰੈਫਿਕ ਜਾਮ ਹੋਣ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਉਨ੍ਹਾਂ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਲੁਧਿਆਣਾ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਜਲਦੀ ਤੋਂ ਜਲਦੀ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਤਹਿਬਾਜ਼ਾਰੀ ਵਿੰਗ ਨੂੰ ਉਨ੍ਹਾਂ ਸੜਕਾਂ ਤੋਂ ਕਬਜ਼ੇ ਹਟਾਉਣੇ ਚਾਹੀਦੇ ਹਨ, ਜਿੱਥੇ ਟ੍ਰੈਫਿਕ ਦੀ ਸਮੱਸਿਆ ਪੇਸ਼ ਆ ਰਹੀ ਹੈ। ਉਨ੍ਹਾਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਦੇ ਮੱਦੇਨਜ਼ਰ ਸੜਕਾਂ ‘ਤੇ ਬੇਲੋੜੀ ਬੈਰੀਕੇਡਿੰਗ ਨੂੰ ਹਟਾਉਣ ਦੇ ਵੀ ਨਿਰਦੇਸ਼ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਸਨੀਕਾਂ ਨਾਲ ਵਾਅਦਾ ਕੀਤਾ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਪੈਦਾ ਕਰਨ ਵਾਲੀਆਂ ਸਾਰੀਆਂ ਰੁਕਾਵਟਾਂ ਨੂੰ ਪਹਿਲ ਦੇ ਅਧਾਰ ‘ਤੇ ਦੂਰ ਕੀਤਾ ਜਾਵੇਗਾ। ਲੁਧਿਆਣਾ ਪੁਲਿਸ ਨੂੰ ਸੇਫ ਸਿਟੀ ਪ੍ਰਾਜੈਕਟ ਅਧੀਨ ਲਗਾਏ ਗਏ ਸਮੁੱਚੇ ਸੀ.ਸੀ.ਟੀ.ਵੀ. ਕਾਰਜਸ਼ੀਲ ਹਾਲਤ ਵਿੱਚ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਤਾਂ ਜੋ ਇਹ ਪੁਲਿਸ ਨੂੰ ਅਪਰਾਧ ਰੋਕਣ ਵਿੱਚ ਸਹਾਇਤਾ ਕਰ ਸਕਣ। ਉਨ੍ਹਾਂ ਲੁਧਿਆਣਾ ਪੁਲਿਸ ਨੂੰ ਉਨ੍ਹਾਂ ਸਾਰੇ ਪੁਆਇੰਟਾਂ ‘ਤੇ ਪੀਸੀਆਰ ਕਰਮਚਾਰੀਆਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਟ੍ਰੈਫਿਕ ਦੀ ਸਮੱਸਿਆ ਹੈ। ਆਸ਼ੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ‘ਤੇ ਹਫ਼ਤਾਵਾਰੀ ਆਧਾਰ ‘ਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦੀ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇਗੀ ਅਤੇ ਕਿਸੇ ਵੀ ਅਧਿਕਾਰੀ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਰਤ ਭੂਸ਼ਣ ਆਸ਼ੂ ਨੇ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਦੌਰਾਨ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਕਿਉਂਕਿ ਇਕ ਵਾਰ ਮੁਕੰਮਲ ਹੋ ਜਾਣ ਤੋਂ ਬਾਅਦ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਹਫ਼ਤਾਵਾਰੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਹ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਸੀਮਾ ਵਿੱਚ ਪੂਰੇ ਕੀਤੇ ਜਾਣਗੇ। ਉਨ੍ਹਾਂ ਸਮੂਹ ਸਰਕਾਰੀ ਵਿਭਾਗਾਂ ਨੂੰ ਲੁਧਿਆਣਾ ਸ਼ਹਿਰ ਨੂੰ ਟ੍ਰੈਫਿਕ ਜਾਮ ਤੋਂ ਮੁਕਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ।

About Author

Leave A Reply

WP2Social Auto Publish Powered By : XYZScripts.com