- ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਸਾੜੇ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼, ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪਰਾਲੀ ਸਾੜਨ ਖਿਲਾਫ ਵਿੱਢੀ ਜੰਗ ਨੂੰ ਹੋਰ ਅੱਗੇ ਵਧਾਉਂਦਿਆਂ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਜਿਨ੍ਹਾਂ ਕਰਕੇ ਕੋਵਿਡ ਕਾਰਨ ਪੈਦਾ ਹੋਈ ਸਥਿਤੀ ਹੋਰ ਵਿਗੜ ਸਕਦੀ ਹੈ, ਬਾਰੇ ਜਾਣਕਾਰੀ ਦੇਣ ਲਈ ਤਿੰਨ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਜੋ ਇਸ ਮਹੀਨੇ ਵੱਧ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕਿਹਾ ਕਿ ਵੈਨਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਲੋਕਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਬੇਹੱਦ ਫਾਇਦੇਮੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਸਾੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਇਸ ਰੁਝਾਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਵੈਨਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀ ਜ਼ਰੂਰਤ ਬਾਰੇ ਕਿਸਾਨਾਂ ਨੂੰ ਜਾਗਰ{ਕ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਡੀਓ ਸੰਦੇਸ਼ਾਂ ਤੋਂ ਇਲਾਵਾ ਇਹ ਵੈਨਾਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਤੱਕ ਪਰਚਿਆਂ ਅਤੇ ਪੋਸਟਰਾਂ ਰਾਹੀਂ ਵੀ ਜਾਣਕਾਰੀ ਪਹੁੰਚਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦਾ ਗੈਰ-ਸਿਹਤਮੰਦ ਰੁਝਾਨ, ਜੋ ਜ਼ਹਿਰੀਲੀਆਂ ਗੈਸਾਂ ਪੈਦਾ ਕਰਦਾ ਹੈ, ਸੂਬੇ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਹੋਰ ਵਧਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੁਹਰਾਇਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਖੇਤੀ ਸੰਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤਿ-ਆਧੁਨਿਕ ਉਪਕਰਣਾਂ ਦੀ ਖਰੀਦ ਲਈ ਕਿਸਾਨਾਂ ਨੂੰ ਭਾਰੀ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਲਾਭਦਾਇਕ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਗਏ ਹਨ ਜਦਕਿ ਫ਼ਸਲ ਦੇ ਰਹਿੰਦ-ਖੂੰਹਦ ਮਿੱਟੀ ਵਿੱਚ ਮਿਲਾ ਦਿੱਤੀ ਜਾਵੇ ਤਾਂ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਸ਼ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਅਤੇ ਹੋਰ ਹਾਜ਼ਰ ਸਨ।