Thursday, March 13

ਪ੍ਰਸ਼ਾਸ਼ਨ ਚੱਲ ਰਹੇ ਸੀਜ਼ਨ ‘ਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

  • ਝੋਨੇ ਦੀ ਚੱਲ ਰਹੀ ਖਰੀਦ ਦਾ ਲਿਆ ਜਾਇਜਾ
  • ਪ੍ਰਸ਼ਾਸ਼ਨ ਵੱਲੋਂ 82726 ਮੀਟ੍ਰਿਕ ਟਨ ਝੋਨੇ ਦੀ ਕੀਤੀ ਖਰੀਦ, ਕਿਸਾਨਾਂ ਨੂੰ 117.85 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਗਈ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ, ਜਿਨ੍ਹਾਂ ਅੱਜ ਸਥਾਨਕ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ, ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸ੍ਰੀ ਸ਼ਰਮਾ ਨੇ ਕਿਹਾ ਕਿ ਸਾਰੇ ਉਪ-ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੀ ਖਰੀਦ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ 3 ਅਕਤੂਬਰ, 2021 ਤੋਂ ਸ਼ੁਰੂ ਹੋਏ ਇਸ ਖਰੀਦ ਸੀਜ਼ਨ ਵਿੱਚ ਹੁਣ ਤੱਕ ਅਨਾਜ ਮੰਡੀਆਂ ਵਿੱਚੋਂ 82726 ਮੀਟ੍ਰਿਕ ਟਨ (ਐਮ.ਟੀ) ਝੋਨੇ ਦੀ ਖਰੀਦ ਕੀਤੀ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਕੁੱਲ 90996 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ ਐਫਸੀਆਈ ਸਮੇਤ ਵੱਖ -ਵੱਖ ਖਰੀਦ ਏਜੰਸੀਆਂ ਵੱਲੋਂ 82726 ਮੀਟਰਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 117.85 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਤਕਰੀਬਨ 17.53 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 17.28 ਲੱਖ ਝੋਨੇ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚੋਂ ਅਨਾਜ ਨੂੰ ਤੁਰੰਤ ਚੁੱਕਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਕੰਟਰੋਲਰ (ਡੀ.ਐਫ.ਐਸ.ਸੀ.) ਪੱਛਮੀ ਸੁਰਿੰਦਰ ਕੁਮਾਰ ਬੇਰੀ ਡੀ.ਐਫ.ਐਸ.ਸੀ. ਈਸਟ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫਸਰ ਦਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com