- ਚਾਲੂ ਖਰੀਦ ਸੀਜ਼ਨ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗੀ ਚੈਕਿੰਗ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ, (ਸੰਜੇ ਮਿੰਕਾ) – ਮੰਡੀਆਂ ਵਿੱਚ ਹੋਰਨਾਂ ਸੂਬਿਆਂ ਤੋਂ ਝੋਨੇ ਦੇ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਗਠਿਤ ਕੀਤੇ ਗਏ ਉੜਨ ਦਸਤੇ (ਫਲਾਇੰਗ ਸਕੂਐਡ) ਟਰੱਕਾਂ ਜਾਂ ਹੋਰ ਕਮਰਸ਼ੀਅਲ ਵਾਹਨਾਂ ‘ਤੇ ਬਾਜ਼ ਵਾਲੀ ਅੱਖ ਰੱਖੀ ਬੈਠੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਰਸਤਿਆਂ ‘ਤੇ 24 ਘੰਟੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ, ਜਿੱਥੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦੁਆਰਾ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਪ੍ਰਸ਼ਾਸਨ, ਪੁਲਿਸ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਸਮੇਤ 18 ਟੀਮਾਂ ਬਣਾਈਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਟਰੱਕ ਜਾਂ ਕਮਰਸ਼ੀਅਲ ਵਾਹਨ ਦੀ ਜਾਂਚ ਕੀਤੀ ਜਾ ਸਕੇ। ਸ੍ਰੀ ਸ਼ਰਮਾ ਨੇ ਅੱਗੇ ਕਿਹਾ ਕਿ ਇਹ ਉੜਨ ਦਸਤੇ ਚਾਲੂ ਖਰੀਦ ਸੀਜ਼ਨ ਦੇ ਮੁਕੰਮਲ ਹੋਣ ਤੱਕ ਆਪਣੀ ਕਾਰਵਾਈ ਜਾਰੀ ਰੱਖਣਗੇ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਦਾ ਫੈਸਲਾ ਪੰਜਾਬ ਦੀ ਕਿਸਾਨੀ ਦੇ ਵੱਡੇ ਹਿੱਤ ਵਿੱਚ ਲਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਅਧਿਕਾਰੀਆਂ ਦੁਆਰਾ ਪੰਜਾਬ ਵਿੱਚ ਝੋਨੇ ਦੀ ਗੈਰ-ਕਾਨੂੰਨੀ ਆਵਾਜਾਈ ਦੇ ਕਈ ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਝੋਨੇ/ਚਾਵਲ ਦੀ ਅਣਅਧਿਕਾਰਤ ਆਮਦ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।