Friday, March 14

ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਨਿਰਦੇਸ਼, ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ‘ਚ ਲਿਆਂਦੀ ਜਾਵੇ ਤੇਜ਼ੀ

  • ਖਰੀਦ ਕਾਰਜ਼ਾਂ ਦੀ ਨਿਗਰਾਨੀ ਲਈ, ਅਧਿਕਾਰੀ ਰੋਜ਼ਾਨਾ ਨਿੱਜੀ ਤੌਰ ‘ਤੇ ਕਰਨ ਮੰਡੀਆਂ ਦਾ ਦੌਰਾ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫਤਰ ‘ਚ ਝੋਨੇ ਦੀ ਲਿਫਟਿੰਗ ਅਤੇ ਖਰੀਦ ਪ੍ਰਕਿਰਿਆ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੁਝ ਦਾਣਾ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਤਸੱਲੀਬਖਸ਼ ਨਹੀਂ ਹੈ, ਜਿਸ ਵਿੱਚ ਜਲਦ ਤੋਂ ਜਲਦ ਸੁਧਾਰ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੋਮਵਾਰ ਤੱਕ ਜ਼ਿਲ੍ਹੇ ਨੇ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚੇ 105209 ਮੀਟਰਕ ਟਨ ਝੋਨੇ ਵਿੱਚੋਂ 96507 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਹੈ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਵਿੱਚੋਂ 84 ਫੀਸਦ ਲਿਫਟਿੰਗ ਹੋ ਗਈ ਹੈੈ ਅਤੇ ਕਿਸਾਨਾਂ ਨੂੰ 141.58 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਅਤੇ ਅਧਿਕਾਰੀ ਸਰਕਾਰ ਦੇ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹਨ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਸ੍ਰੀ ਸ਼ਰਮਾ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਦਾ ਬਾਰੀਕੀ ਨਾਲ ਨਿਰੀਖਣ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀਆਂ ਵਿੱਚ ਅਨਾਜ ਦਾ ਭੰਡਾਰ ਜਮ੍ਹਾਂ ਨਾ ਹੋਵੇ ਅਤੇ ਇਸ ਦੀ ਜਲਦ ਲਿਫਟਿੰਗ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਪੇਸ਼ ਕਰਕੇ ਖਰੀਦ ਕਾਰਜਾਂ ਬਾਰੇ ਸਾਰਾ ਰਿਕਾਰਡ ਅਪਡੇਟ ਰੱਖਣ ਲਈ ਵੀ ਕਿਹਾ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਯਕੀਨੀ ਬਣਾਉਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ ਤਾਂ ਜੋ ਦਾਣਾ ਮੰਡੀਆਂ ਤੋਂ ਕਿਸਾਨਾਂ ਦੀ ਉਪਜ ਨੂੰ ਨਿਰਵਿਘਨ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਚੁੱਕਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਤੇ ਕੰਟਰੋਲਰ (ਡੀ.ਐਫ.ਐਸ.ਸੀ.) ਪੱਛਮੀ ਸੁਰਿੰਦਰ ਕੁਮਾਰ ਬੇਰੀ, ਡੀ.ਐਫ.ਐਸ.ਸੀ. ਈਸਟ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫਸਰ ਦਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com