Sunday, April 28

ਲੁਧਿਆਣਾ ਜ਼ਿਲ੍ਹੇ ਦੀ ਵੋਟਰ ਸੂਚੀ ਦੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕੀਤੀ ਗਈ ਪ੍ਰਕਾਸ਼ਨਾ

  • ਜ਼ਿਲ੍ਹੇ ‘ਚ ਕੁੱਲ ਵੋਟਰਾਂ ਦੀ ਗਿਣਤੀ 2610121, 1395249 ਪੁਰਸ਼, 1214751 ਔਰਤਾਂ ਤੇ 121 ਕਿੰਨਰ ਵੋਟਰ ਹਨ –  ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
  • ਦਾਅਵੇ ਤੇ ਇਤਰਾਜ਼ 30 ਨਵੰਬਰ ਤੱਕ ਦਾਇਰ ਕੀਤੇ ਜਾ ਸਕਦੇ ਹਨ
  • ਡੀ.ਸੀ. ਵੱਲੋਂ ਨੌਜਵਾਨ ਵੋਟਰਾਂ ਨੂੰ ਅਪੀਲ, ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ‘ਚ ਮੋਹਰੀ ਰੋਲ ਅਦਾ ਕਰਨ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ, ਜਿਸ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2610121 ਹੈ, ਜਿਨ੍ਹਾਂ ਵਿੱਚ 1395249 ਪੁਰਸ਼, 1214751 ਔਰਤਾਂ ਅਤੇ 121 ਕਿੰਨਰ ਵੋਟਰ ਹਨ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਖੰਨਾ, ਸਮਰਾਲਾ, ਸਾਹਨੇਵਾਲ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਦੱਖਣੀ, ਲੁਧਿਆਣਾ ਉੱਤਰੀ, ਲੁਧਿਆਣਾ ਸੈਂਟਰਲ, ਆਤਮ ਨਗਰ, ਗਿੱਲ, ਪਾਇਲ, ਰਾਏਕੋਟ, ਦਾਖਾ ਅਤੇ ਜਗਰਾਓਂ ਵਿੱਚ ਕੁਆਲੀਫਾਇੰਗ ਮਿਤੀ 1 ਜਨਵਰੀ, 2022 ਦੇ ਹਵਾਲੇ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਕੀਤੀ ਜਾ ਰਹੀ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀਆਂ ਦੀ ਸਾਫਟ ਕਾਪੀ ਵਾਲੀ ਸੀਡੀ ਸੌਂਪਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਡਰਾਫਟ ਵੋਟਰ ਸੂਚੀਆਂ ਸਾਰੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਕਰਵਾਈਆਂ ਗਈਆਂ ਹਨ ਜਿੱਥੇ ਲੋਕ ਇਸ ਦੀ ਪੜਚੋਲ ਕਰ ਸਕਦੇ ਹਨ ਕਿ ਵੋਟਰ ਸੂਚੀਆਂ ਸਹੀ ਵਾ ਦਰੁਤਸ ਹਨ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 30 ਨਵੰਬਰ, 2021 ਤੱਕ ਦਾਇਰ ਕੀਤੇ ਜਾ ਸਕਦੇ ਹਨ ਅਤੇ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ 20 ਨਵੰਬਰ, 2021 ਤੱਕ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡਰਾਫਟ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਸਬੰਧਤ ਬੀ.ਐਲ.ਓ ਨਾਲ ਸੰਪਰਕ ਕਰ ਸਕਦਾ ਹੈ ਜਾਂ 6, 7, 20 ਅਤੇ 21 ਨਵੰਬਰ ਨੂੰ ਸਾਰੇ ਬੂਥਾਂ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਮੌਕੇ ਵੀ ਰਾਬਤਾ ਕੀਤਾ ਜਾ ਸਕਦਾ ਹੈ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਉਣ ਲਈ ਲਿੰਕ www.nvsp.in ‘ਤੇ ਕਲਿੱਕ ਕਰਨਾ ਹੋਵੇਗਾ। ਇਸੇ ਤਰ੍ਹਾਂ ਸ੍ਰੀ ਸ਼ਰਮਾ ਨੇ ਕਿਹਾ ਕਿ ਨੌਜਵਾਨ ਵੋਟਰ ਹੈਲਪਲਾਈਨ ਐਪ ਨੂੰ ਵੀ ਆਪਣੇ ਐਂਡਰੌਇਡ ਫੋਨ ਵਿੱਚ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ ਤਾਂ ਜੋ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਚੋਣ ਤਹਿਸੀਲਦਾਰ ਅੰਜੂ ਬਾਲਾ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com