Saturday, May 10

ਬਲਾਕ ਪੱਧਰ ‘ਤੇ ਕ੍ਰਿਕਟ ਲੀਗ ਕਰਵਾਈਆਂ ਜਾਣਗੀਆਂ – ਚੇਅਰਮੈਨ ਪੀ.ਵਾਈ.ਡੀ.ਬੀ.

  • ਬੀਤੀ ਸ਼ਾਮ ਲੋਧੀ ਕਲੱਬ ਸਪੋਰਟਸ ਕਾਰਨੀਵਲ ਦੌਰਾਨ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਲੁਧਿਆਣਾ, (ਸੰਜੇ ਮਿੰਕਾ)  – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਵਿਸ਼ੇਸ਼ ਕ੍ਰਿਕਟ ਲੀਗ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਸਹਾਇਕ ਡਾਇਰੈਕਟਰਾਂ (ਯੁਵਕ ਸੇਵਾਵਾਂ) ਅਤੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।

ਸ੍ਰੀ ਬਿੰਦਰਾ ਨੇ ਇਹ ਗੱਲ ਬੀਤੀ ਸ਼ਾਮ ਲੋਧੀ ਕਲੱਬ ਦੇ ਲੋਧੀ ਕਲੱਬ ਸਪੋਰਟਸ ਕਾਰਨੀਵਲ ਦੌਰਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡਣ ਮੌਕੇ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਜੇਤੂਆਂ ਨੂੰ ਇਨਾਮ ਵੀ ਵੰਡੇ।

ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ. ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਜੋ ਕਿ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗੀ ਅਤੇ ਉਹ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਇਸ ਮੌਕੇ ਨਿਤਿਨ ਮਹਾਜਨ ਜਨਰਲ ਸਕੱਤਰ, ਰਾਮ ਸ਼ਰਮਾ ਖੇਡ ਸਕੱਤਰ ਲੋਧੀ ਕਲੱਬ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com