Friday, March 14

ਗਣਤੰਤਰ ਦਿਵਸ ਦੀ ਤਿਆਰੀ ਸਬੰਧੀ ਫੁੱਲ ਡਰੈਸ ਰਿਹਰਸਲ

  • ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਹੋਣਗੇ ਮੁੱਖ ਮਹਿਮਾਨ – ਡਿਪਟੀ ਕਮਿਸ਼ਨਰ

ਲੁਧਿਆਣਾ, (ਸੰਜੇ ਮਿੰਕਾ)   – ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। 26 ਜਨਵਰੀ ਨੂੰ ਮਨਾਏ ਜਾਣ ਵਾਲੇ ਇਸ ਸਮਾਗਮ ਮੌਕੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣਗੇ। ਅੱਜ ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਵਿੱਚ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ, ਕੋਵਿਡ-19 ਮਹਾਂਮਾਰੀ ਅਤੇ ਸਰਕਾਰੀ ਹਦਾਇਤਾਂ ਨੂੰ ਲਾਗੂ ਕਰਨ ਦੇ ਮੱਦੇਨਜ਼ਰ ਇਸ ਮੌਕੇ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਨਹੀਂ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਵਿਭਾਗਾਂ ਨੂੰ ਇਸ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਅਤੇ ਰਾਸ਼ਟਰੀ ਏਕਤਾ ਨਾਲ ਮਨਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 9:58 ਵਜੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਦੋਵੇਂ ਸਾਡੇ ਰਾਸ਼ਟਰੀ ਤਿਉਹਾਰ ਹਨ ਅਤੇ ਸਮੂਹ ਨਿਵਾਸੀਆਂ ਨੂੰ ਇਨ੍ਹਾਂ ਨੂੰ ਧੂਮ-ਧਾਮ, ਭਾਈਚਾਰਕ ਸਾਂਝ ਅਤੇ ਰਾਸ਼ਟਰੀ ਏਕਤਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪੂਰੇ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਸੀਨੀਅਰ ਅਧਿਕਾਰੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com