Saturday, May 10

ਯੂਕਰੇਨ ਤੋਂ ਪਰਤੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਦਾ ਮੁੱਦਾ ਮੁੱਖ ਮੰਤਰੀ ਕੋਲ ਚੁੱਕਾਂਗੇ – ਵਿਧਾਇਕ ਮਦਨ ਲਾਲ ਬੱਗਾ ਤੇ ਗੁਰਪ੍ਰੀਤ ਬੱਸੀ ਗੋਗੀ

  • ਵਿਦਿਆਰਥੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ

ਲੁਧਿਆਣਾ, (ਸੰਜੇ ਮਿੰਕਾ)- ਵਿਧਾਇਕ ਸ੍ਰੀ ਮਦਨ ਲਾਲ ਬੱਗਾ ਅਤੇ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਭਰੋਸਾ ਦਿੱਤਾ ਕਿ ਉਹ ਯੂਕਰੇਨ ਤੋਂ ਪਰਤੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਦਾ ਮੁੱਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲ ਪਹਿਲ ਦੇ ਆਧਾਰ ‘ਤੇ ਚੁੱਕਣਗੇ। ਵਿਦਿਆਰਥੀਆਂ ਦਾ ਇੱਕ ਵਫ਼ਦ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਦੋਵੇਂ ਵਿਧਾਇਕ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਅਤੇ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਐਮ.ਬੀ.ਬੀ.ਐਸ. ਦੇ ਵੱਡੀ ਗਿਣਤੀ ਵਿਦਿਆਰਥੀ, ਜਿਨ੍ਹਾਂ ਨੂੰ ਚੱਲ ਰਹੀ ਜੰਗ ਕਾਰਨ ਯੂਕਰੇਨ ਤੋਂ ਆਪਣੇ ਵਤਨ ਭਾਰਤ ਪਰਤਣਾ ਪਿਆ ਹੈ, ਨੇ ਆਪਣੇ ਕੁਝ ਮਸਲਿਆਂ ਸਬੰਧੀ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਚਾਹੁੰਦੇ ਹਨ ਕਿ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਲਈ ਸਰਕਾਰ ਉਨ੍ਹਾਂ ਦੀ ਮਦਦ ਕਰੇ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੋਲ ਪਹਿਲ ਦੇ ਆਧਾਰ ‘ਤੇ ਉਠਾਉਣਗੇ। ਵਿਧਾਇਕਾਂ ਨੇ ਭਰੋਸਾ ਦਿਵਾਇਆ, “ਇਹ ਬੱਚੇ ਸਾਡੇ ਧੀਆਂ-ਪੁੱਤਰ ਹਨ ਅਤੇ ਅਸੀਂ ਇਨ੍ਹਾਂ ਨੂੰ ਭਰੋਸਾ ਦਿੰਦੇ ਹਾਂ ਕਿ ਉਨ੍ਹਾਂ ਨੂੰ ਇੱਥੋਂ ਦੇ ਮੈਡੀਕਲ ਕਾਲਜਾਂ ਵਿੱਚ ਢੁਕਵੇਂ ਢੰਗ ਨਾਲ ਐਡਜਸਟ ਕੀਤਾ ਜਾਵੇਗਾ।” ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਮੰਗ ਪੱਤਰ ਮਾਣਯੋਗ ਮੁੱਖ ਮੰਤਰੀ ਪੰਜਾਬ ਨੂੰ ਲੋੜੀਂਦੀ ਕਾਰਵਾਈ ਲਈ ਭੇਜਿਆ ਜਾਵੇਗਾ। ਵਿਦਿਆਰਥੀਆਂ ਨੇ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਦਾ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਸਕਾਰਾਤਮਕ ਨਤੀਜੇ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ।

About Author

Leave A Reply

WP2Social Auto Publish Powered By : XYZScripts.com