- ਸਮੂਹ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਕੀਤੇ ਵਿਚਾਰ ਵਟਾਂਦਰੇ
- ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸਫਾਈ/ਸੀਵਰਮੈਨ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ – ਵਾਈਸ ਚੇਅਰਮੈਨ ਸੁਰਿੰਦਰ ਕਲਿਆਣ
ਲੁਧਿਆਣਾ, (ਸੰਜੇ ਮਿੰਕਾ) – ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਸਮੂਹ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਮੀਟਿੰਗ ਕੀਤੀ ਗਈ। ਉਨ੍ਹਾਂ ਸਫਾਈ ਕਰਮਚਾਰੀਆਂ ਨਾਲ ਸਬੰਧਤ ਲੰਬਿਤ ਕੇਸਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ। ਮੀਟਿੰਗ ਦੌਰਾਨ ਉਨ੍ਹਾ ਦੇ ਨਾਲ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਮੈਂਬਰ ਸ.ਇੰਦਰਜੀਤ ਸਿੰਘ, ਸ੍ਰੀ ਪ੍ਰੇਮ ਮਸੀਹ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਤੋਂ ਇਲਾਵਾ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਫਾਈ ਕਰਮਚਾਰੀਆਂ ਦੇ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਗਟਰ ਵਿੱਚ ਨਾ ਉਤਾਰਿਆ ਜਾਵੇ ਅਤੇ ਉਨ੍ਹਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਫਾਈ ਕਰਮਚਾਰੀ ਮਸ਼ੀਨ ਦੇ ਜਰੀਏ ਸਫਾਈ ਕਰ ਸਕਣ। ਉਨ੍ਹਾਂ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਬਾਰੇ ਸਾਰੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸੇਫਟੀ ਕਿੱਟ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਫਾਈ ਕਰਮਚਾਰੀਆਂ ਦੀ ਹਾਲਤ ਵਿੱਚ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸਫਾਈ/ਸੀਵਰਮੈਨ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਅਡਵਾਈਜ਼ਰ ਸ੍ਰੀ ਰਾਹੁਲ ਆਦਿਆ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਬਿਰਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।