Saturday, May 10

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਸਰਕਟ ਹਾਊਸ ਵਿਖੇ ਮੀਟਿੰਗ

  • ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਕੀਤੀ ਸਮੀਖਿਆ
  • ਪ੍ਰਾਇਮਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਵੀ ਕੀਤੀ ਚੈਂਕਿੰਗ

ਲੁਧਿਆਣਾ, (ਸੰਜੇ ਮਿੰਕਾ)  – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਅੱਜ ਆਪਣੀ  ਲੁਧਿਆਣਾ ਫੇਰੀ ਦੌਰਾਨ ਸਥਾਨਕ ਸਰਕਟ ਹਾਊਸ ਵਿਖੇ ਫੂਡ ਸਪਲਾਈ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕਰਦਿਆਂ ਕਿਹਾ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਵੱਖ-ਵੱਖ ਸਕੀਮਾਂ ਨੂੰ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੱਛਮੀ ਸ੍ਰੀਮਤੀ ਹਰਵੀਨ ਕੌਰ ਅਤੇ ਡੀ.ਐਫ.ਐਸ.ਸੀ. ਪੂਰਬੀ ਸ੍ਰੀਮਤੀ ਸ਼ੇਫਾਲੀ ਚੋਪੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਤੇ ਸੈਕੰਡਰੀ) ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਲਬਹਾਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।  ਸ੍ਰੀ ਏ.ਕੇ. ਸ਼ਰਮਾ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ, ਮਿਡ-ਡੇ-ਮੀਲ ਦੀ ਵੰਡ, ਆਂਗਣਵਾੜੀ ਵਰਕਰਾਂ ਦੇ ਕੰਮ ਸਬੰਧੀ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਅਧੀਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਨੂੰ ਭਰੋਸਾ ਦਿਵਾਇਆ ਗਿਆ ਕਿ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਵੱਖ-ਵੱਖ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇਗਾ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਰਾਸ਼ਨ ਡਿਪੂਆਂ ਵੱਲੋਂ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਮਾਤਰਾ ਘੱਟ ਹੁੰਦੀ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾ ਅੱਗੇ ਕਿਹਾ ਜ਼ਿਲ੍ਹੇ ਭਰ ਵਿੱਚ ਕੁੱਲ 1616 ਸਕੂਲ ਹਨ ਜਿੱਥੇ ਵਿਦਿਆਰਥੀਆਂ ਦੀ ਆਂਕੜਾ 208492 ਹੈ ਜਿਨ੍ਹਾਂ ਵਿੱਚ ਪ੍ਰਾਇਮਰੀ ਸਕੂਲਾਂ ‘ਚ 129249 ਬੱਚੇ ਅਤੇ ਹਾਈ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ 79243 ਸ਼ਾਮਲ ਹੈ। ਉਨ੍ਹਾਂ ਇਸ ਗੱਲ ‘ਤੇ ਵਿਸ਼ੇਸ਼ ਜੋਰ ਦਿੱਤਾ ਕਿ ਪ੍ਰਾਇਮਰੀ ਤੇ ਅੱਪਰ ਪ੍ਰਾਈਮਰੀ ਸਕੂਲ ਦੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਦੀ ਵਿਸ਼ੇਸ਼ ਮੋਨਿਟਰਿੰਗ ਕੀਤੀ ਜਾਵੇ। ਬਾਅਦ ਵਿੱਚ, ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਵੀ ਚੈਕਿੰਗ ਕੀਤੀ।

About Author

Leave A Reply

WP2Social Auto Publish Powered By : XYZScripts.com