- ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ! ਆਤਮ ਨਗਰ ਹਲਕੇ ਦਾ ਵਿਕਾਸ ਮੁੱਖ ਟੀਚਾ
- ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗਾ – ਵਿਧਾਇਕ ਕੁਲਵੰਤ ਸਿੱਧੂ
ਲੁਧਿਆਣਾ, (ਸੰਜੇ ਮਿੰਕਾ) – ਹਲਕਾ ਆਤਮ ਨਗਰ ਦੇ ਵਾਰਡ ਨੰਬਰ 34 ਦੇ ਵਸਨੀਕਾਂ ਵੱਲੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗਲੀ ਨੰਬਰ 2, ਗੁਰੂ ਨਾਨਕ ਕਲੋਨੀ (ਬੀ), ਸਾਹਮਣੇ ਜੀ.ਐਨ.ਈ. ਕਾਲਜ ਲੁਧਿਆਣਾ ਵਿਖੇ ਸ਼ੁਕਰਾਨਾ ਸਮਾਗਮ ਆਯੋਜਿਤ ਕੀਤਾ ਗਿਆ। ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੀ ਜਨਤਾ ਨੇ ਫਤਵਾ ਜਾਰੀ ਕਰਕੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕਾ ਆਤਮ ਨਗਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣਗੇ ਤਾਂ ਜੋ ਵਿਧਾਨ ਸਭਾ ਹਲਕਾ ਤਰੱਕੀਆਂ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨਾ ਅਤੇ ਲੋਕਾਂ ਦੇ ਹੱਕ ਉਨ੍ਹਾਂ ਨੂੰ ਦੁਆਏ ਜਾਣ ਅਤੇ ਅਫ਼ਸਰਸ਼ਾਹੀ ਨੂੰ ਲੋਕਾਂ ਦੇ ਕੰਮ ਕਰਨ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾ ਸਕਣ ਜਿਸ ਨਾਲ ਲੋਕ ਮਹਿਸੂਸ ਕਰਨ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਹੁਣ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਅਧਿਕਾਰੀੇਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਸੱਭ ਤੋਂ ਮੁੱਖ ਏਜੰਡਾ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ, ਸਿਹਤ, ਸਿੱਖਿਆ, ਖੁਸ਼ਹਾਲੀ ਅਤੇ ਵਿਕਾਸ ਕਰਨਾ ਹੈ ਤਾਂ ਜੋ ਅਸੀਂ ਪੰਜਾਬ ਨੂੰ ਅੱਗੇ ਲਿਜਾ ਸਕੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਗਤ ਸੇਵਾ ਸੁਸਾਇਟੀ ਦੇ ਪ੍ਰਧਾਨ ਸ. ਬਲਰਾਜ ਸਿੰਘ, ਮਾਈਕਰੋ ਐਂਡ ਸਮਾਲ ਇੰਡ. ਐਸੋਸੀਏਸ਼ਨ ਦੇ ਪ੍ਰਧਾਨ ਸ. ਇੰਦਰਜੀਤ ਸਿੰਘ, ਜਨਰਲ ਸਕੱਤਰ ਸ੍ਰੀ ਅੰਗਦ ਗੁਪਤਾ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।